ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾ ਤਹਿਤ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਿਤ

ਲੁਧਿਆਣਾ , 18 ਜੂਨ |  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਅ ਲਈ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਂਸਵਾਗਤ ਅਤੇ ਸਹਾਇਤਾ ਕੇਂਦਰ’ ਦਾ ਉਦਘਾਟਨ ਕੀਤਾ ਗਿਆ.

ਇਸ ਸਵਾਗਤ ਅਤੇ ਸਹਾਇਤਾ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਕ ਸਮਰਪਿਤ ਟੀਮ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰਾ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਸਹੂਲਤ ਦੇਵੇਗੀ ਤਾਂ ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਸਵਾਗਤ ਅਤੇ ਸਹਾਇਤਾ ਕੇਂਦਰ ਉਨ੍ਹਾਂ ਦੇ ਦਫ਼ਤਰ ਦੇ ਬਿਲਕੁਲ ਬਾਹਰ ਸਥਾਪਿਤ ਕੀਤਾ ਗਿਆ ਹੈ ਅਤੇ ਉਹ ਸੀ.ਸੀ.ਟੀ.ਵੀ. ਰਾਹੀਂ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਿਯਮਤ ਤੌਰ ਦੇ ਕੰਮਾਂ ਨੂੰ ਸਮਾਂਬੱਧ ਅਤੇ ਫੌਰੀ ਤੌਰ ‘ਤੇ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਉਹ ਸਾਰੀਆਂ ਫਾਈਲਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ ਤਾਂ ਜੋ ਲੋਕਾਂ ਨੂੰ ਆਪਣੇ ਰੁਟੀਨ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇੱਕ ਵਾਰ ਜਦੋਂ ਕੋਈ ਵਿਅਕਤੀ ਕਿਸੇ ਵਿਸ਼ੇਸ਼ ਸ਼ਿਕਾਇਤ/ਕੰਮ ਲਈ ਆਪਣੀ ਅਰਜ਼ੀ ਜਮ੍ਹਾਂ ਕਰਾਉਂਦਾ ਹੈ, ਤਾਂ ਇਸ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕ ਵੀ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਦੀ ਜਾਂਚ ਕਰਨ ਦੇ ਯੋਗ ਹੋਣਗੇ ਤਾਂ ਜੋ ਲੋਕਾਂ ਨੂੰ ਆਪਣੀ ਅਰਜ਼ੀ ਦਾ ਸਟੇਟਸ ਚੈਕ ਕਰਨ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।

ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ਡਿਪਟੀ ਕਮਿਸ਼ਨਰ ਵਿੱਚ ਮੁੱਖ ਮੰਤਰੀ ਵਿੰਡੋ ਲਈ ਸਥਾਨ ਦੀ ਵੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਆਮ ਲੋਕ ਵਿਸ਼ੇਸ਼ ਵਿੰਡੋ ਰਾਹੀਂ ਸੂਬਾ ਹੈੱਡਕੁਆਰਟਰ ਪੱਧਰ ‘ਤੇ ਆਪਣੀਆਂ ਸ਼ਿਕਾਇਤਾਂ ਦੇ ਸਕਣਗੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਆਮ ਲੋਕਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਅਸੁਵਿਧਾ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

About The Author