ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ
– ਪਿੰਡ ਜਖੇਪਲ ਦੇ ਸ਼ਹੀਦ ਤਰਲੋਚਨ ਸਿੰਘ ਅਤੇ ਭਸੌੜ ਦੇ ਸ਼ਹੀਦ ਹਰਸਿਮਰਨ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ
– ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ
ਚੰਡੀਗੜ੍ਹ, 19 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ।
ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈੱਕ ਨਹੀਂ ਦੇ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਪੂਰੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਚੈੱਕ ਸੌਂਪੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਵੱਲੋਂ ਦਿੱਤੇ ਮਹਾਨ ਬਲੀਦਾਨ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਅਤੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਭਾਰਤ ਮਾਤਾ ਦੇ ਇਨ੍ਹਾਂ ਸਪੂਤਾਂ, ਜਿਨ੍ਹਾਂ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਲਾਮਿਸਾਲ ਯੋਗਦਾਨ ਦਿੱਤਾ, ਨੂੰ ਸਿਜਦਾ ਭੇਟ ਕਰਨ ਲਈ ਹੈ।
ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਦੇਸ਼ ਅਤੇ ਖ਼ਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਲਈ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।
ਮੁੱਖ ਮੰਤਰੀ ਨੇ ਇਨ੍ਹਾਂ ਨਾਇਕਾਂ ਦੇ ਦੇਸ਼ ਪ੍ਰਤੀ ਅਟੁੱਟ ਸਮਰਪਣ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ, ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਜਵਾਨਾਂ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਨੇ ਆਪਣਾ ਫ਼ਰਜ਼ ਨਿਭਾਉਂਦਿਆਂ ਬਹਾਦਰੀ, ਵਚਨਬੱਧਤਾ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।