ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਸ਼ਹਿਰ ਦੇ ਹਰ ਕੋਨੇ ‘ਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ: ਬ੍ਰਮ ਸ਼ੰਕਰ ਜਿੰਪਾ
– ਕੈਬਨਿਟ ਮੰਤਰੀ ਨੇ ਵਾਰਡ ਨੰਬਰ 21 ਤੇ 41 ‘ਚ ਸੜਕ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 9 ਸਤੰਬਰ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 21 ਦੇ ਮੁਹੱਲਾ ਰਣਜੀਤ ਸਿੰਘ ਨਗਰ ਨਜ਼ਦੀਕ ਆਈ.ਟੀ.ਆਈ ਦੀ ਸੜਕ ਅਤੇ ਵਾਰਡ ਨੰਬਰ 41 ਵਿਚ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਤੇ ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰ ਦੇ ਹਰ ਕੋਨੇ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ, ਜਿਸ ਨਾਲ ਲੋਕਾਂ ਨੂੰ ਸੁਵਿਧਾਵਾਂ ਪ੍ਰਾਪਤ ਹੋ ਸਕਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋਵੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪਹਿਲਾ ਤੋਂ ਹੀ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਕੰਮ ਸਮੇਂ ‘ਤੇ ਮਿਆਰੀ ਗੁਣਵੱਤਾ ਨਾਲ ਪੂਰਾ ਹੋਵੇ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾਵੇਗੀ ਅਤੇ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਅਤੇ ਖੂਬਸੂਰਤ ਬਣਾਉਣ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹੈ ਕਿ ਹੁਸ਼ਿਆਰਪੁਰ ਨੂੰ ਇਕ ਆਦਰਸ਼ ਸ਼ਹਿਰ ਦੇ ਰੂਪ ਵਿਚ ਵਿਕਸਿਤ ਕੀਤਾ ਜਾਵੇ, ਜਿਥੇ ਨਾਗਰਿਕਾਂ ਨੂੰ ਸਵੱਛ ਅਤੇ ਸੁਰੱਖਿਅਤ ਵਾਤਾਵਰਣ ਮਿਲੇ। ਇਸ ਲਈ ਨਗਰ ਨਿਗਮ ਦੇ ਨਾਲ ਮਿਲ ਕੇ ਸਫਾਈ ਅਤੇ ਸੁੰਦਰੀਕਰਨ ਦੇ ਕੰਮਾਂ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਅਤੇ ਆਪਣੇ ਖੇਤਰ ਨੂੰ ਸਾਫ ਅਤੇ ਸੁੰਦਰ ਬਣਾਈ ਰੱਖਣ ਵਿਚ ਆਪਣੀ ਭਾਗੀਦਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਜਨਤਾ ਦੇ ਵਿਚ ਸਹਿਯੋਗ ਨਾਲ ਹੀ ਸ਼ਹਿਰ ਦਾ ਸਰਵਪੱਖੀ ਵਿਕਾਸ ਸੰਭਵ ਹੈ।
ਇਸ ਮੌਕੇ ਕੌਂਸਲਰ ਗੀਤਿਕਾ ਅਰੋੜਾ, ਕੌਂਸਲਰ ਸੁਲੇਖਾ ਦੇਵੀ, ਪ੍ਰਿੰਸੀਪਲ ਸੁਰਜੀਤ ਕੌਰ, ਵੀਨਾ, ਮਦਨ ਦੱਤਾ, ਅਮਰਜੀਤ, ਸੰਜੀਵ ਅਰੋੜਾ, ਹਰਵਿੰਦਰ ਸਿੰਘ, ਨੰਬਰਦਾਰ ਅਵਤਾਰ ਸਿੰਘ, ਪਰਮਜੀਤ ਸਿੰਘ ਟਿੰਮਾ, ਧਰਮਿੰਦਰ ਸਿੰਘ, ਜਤਿੰਦਰ ਲੱਕੀ, ਪ੍ਰਦੀਪ, ਹਰਭਜਨ ਪੁਰੀ, ਹਰਦੇਵ ਸਿੰਘ, ਲਾਲ ਸਿੰਘ, ਪ੍ਰੀਤਮ ਦਾਸ, ਜਤਿੰਦਰ ਸਿੰਘ, ਰਣਜੀਤ ਹੁੰਦਲ ਵੀ ਮੌਜੂਦ ਸਨ।