ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਅਹਿਮ ਬੈਠਕ
– ਐਸ.ਡੀ.ਐਮਜ਼ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਕਰਨ ਹੇਠਲੇ ਪੱਧਰ ‘ਤੇ ਰਾਬਤਾ
– ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ‘ਚ ਮਸ਼ੀਨਰੀ ਉਪਲਬਧ, ਪਰਾਲੀ ਨੂੰ ਜ਼ਮੀਨ ‘ਚ ਹੀ ਮਿਲਾਉਣ ‘ਤੇ ਜ਼ੋਰ
ਪਟਿਆਲਾ, 27 ਸਤੰਬਰ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਅੱਜ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਤੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਹੇਠਲੇ ਪੱਧਰ ‘ਤੇ ਰਾਬਤਾ ਕਰਨ। ਇਸ ਮੌਕੇ ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਤੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਉਂਦੇ ਕੁਝ ਦਿਨਾਂ ਵਿੱਚ ਜ਼ਿਲ੍ਹੇ ਅੰਦਰ ਝੋਨੇ ਦੀ ਵਾਢੀ ਸ਼ੁਰੂ ਹੋ ਜਾਵੇਗੀ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧ ਸਬੰਧੀ ਜਾਗਰੂਕ ਕਰਨ ਅਤੇ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਤੇ ਡੀ.ਐਸ.ਪੀਜ਼ ਆਪਣੀਆਂ ਸਬ ਡਵੀਜ਼ਨਾਂ ਅੰਦਰ ਫੀਲਡ ‘ਚ ਜਾਣ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੇ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਿਨ੍ਹਾਂ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਉਨ੍ਹਾਂ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬਧ ਹੈ, ਐਸ.ਡੀ.ਐਮਜ਼ ਆਪਣੀ ਨਿਗਰਾਨੀ ਹੇਠ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਕਰ ਲਈ ਜਾਵੇ ਤਾਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਵਾਤਾਵਰਣ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾਕੇ ਇਸ ਦੀ ਉਪਜਾਊ ਸ਼ਕਤੀ ਵਧਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ‘ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਬਾਥਰੂਮਾਂ ਦੀ ਸਫ਼ਾਈ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਐਸ.ਡੀ.ਐਮਜ਼ ਮੰਡੀਆਂ ਦਾ ਖੁਦ ਨਿਰੀਖਣ ਕਰਨਾ ਵੀ ਯਕੀਨੀ ਬਣਾਉਣ।