ਡਿਪਟੀ ਕਮਿਸ਼ਨਰ ਵੱਲੋਂ ਦਿਵਯਾਂਗ ਕ੍ਰਿਕਟ ਲੀਗ ਦੇ ਜੇਤੂਆਂ ਦਾ ਸਨਮਾਨ
– ਦਿਵਯਾਂਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ – ਜੋਰਵਾਲ
ਲੁਧਿਆਣਾ, 29 ਸਤੰਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦਿਵਯਾਂਗ ਕ੍ਰਿਕਟ ਲੀਗ ਦੇ ਸਮਾਪਨ ਸਮਾਰੋਹ ਦੌਰਾਨ ਜੇਤੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਟੂਰਨਾਮੈਂਟ ਦੇ ਅਖੀਰਲੇ ਦਿਨ ਮੌਕੇ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਦਿਵਿਆਂਗ ਸਾਡੇ ਭਾਈਚਾਰੇ ਦਾ ਅਨਿੱਖੜਵਾਂ ਅੰਗ ਹਨ।
ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਵੀ ਲਗਭਗ ਇਕ ਘੰਟਾ ਦਿਵਯਾਂਗ ਖਿਡਾਰੀਆਂ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਇਨਾਮ ਵੰਡੇ। ਉਨ੍ਹਾਂ ਦਿਵਿਆਂਗ ਖਿਡਾਰੀਆਂ ਦੀ ਸ਼ਮੂਲੀਅਤ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਸਮਾਜ ਵਿੱਚ ਉਹਨਾਂ ਦੀ ਮਹੱਤਤਾ ਅਤੇ ਹਰ ਕਿਸੇ ਦੇ ਬਰਾਬਰ ਉਹਨਾਂ ਦੇ ਹੱਕਾਂ ਬਾਰੇ ਵੀ ਚਾਨਣਾ ਪਾਇਆ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਲੋਕਾਂ ਨੂੰ ਹਮਦਰਦੀ ਵਾਲਾ ਰਵੱਈਆ ਅਪਣਾਉਣ ਅਤੇ ਇਨ੍ਹਾਂ ਵਿਅਕਤੀਆਂ ਨਾਲ ਹਮੇਸ਼ਾ ਸਤਿਕਾਰ ਨਾਲ ਪੇਸ਼ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੀਗ ਦੇ ਪ੍ਰਬੰਧਕਾਂ ਦੀ ਤਾਰੀਫ਼ ਕਰਦਿਆਂ ਜ਼ਿਲ੍ਹਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।