ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

0

– ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੇ ਫਿਨਲੈਂਡ ਜਾ ਰਹੇ ਅਧਿਆਪਕਾਂ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ/ਚੰਡੀਗੜ੍ਹ, 18 ਅਕਤੂਬਰ 2024 : ਸੂਬੇ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜ ਕੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰਤਮਕ ਹੁੰਗਾਰਾ ਦਿੰਦਿਆਂ ਫਿਨਲੈਂਡ ਜਾ ਰਹੇ ਅਧਿਆਪਕਾਂ ਨੇ ਅੱਜ ਸੂਬੇ ਸਰਕਾਰ ਦੇ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ।

ਅੱਜ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲਬਾਤ ਦੌਰਾਨ ਆਪਣੇ ਤਜਰਬੇ ਸਾਂਝੇ ਕਰਦਿਆਂ ਫਿਰੋਜ਼ਪੁਰ ਤੋਂ ਅਧਿਆਪਕ ਵਿਨੇ ਸ਼ਾਤਨਾ ਨੇ ਕਿਹਾ ਕਿ ਉਹ ਬੀਤੇ 23 ਸਾਲਾਂ ਤੋਂ ਬਤੌਰ ਅਧਿਆਪਕ ਸੇਵਾ ਨਿਭਾਅ ਰਿਹਾ ਹੈ ਅਤੇ ਫਿਨਲੈਂਡ ਜਾਣ ਦਾ ਮੌਕਾ ਮਿਲਣ ਨਾਲ ਉਸ ਨੂੰ ਬਹੁਤ ਖੁਸ਼ੀ ਹੋਈ ਹੈ।

ਇਸ ਮੌਕੇ ਪਟਿਆਲਾ ਤੋਂ ਅਧਿਆਪਕ ਗੁਰਪ੍ਰੀਤ ਸਿੰਘ ਨੇ ਇਸ ਮੌਕੇ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਅਧਿਆਪਕਾਂ ਨੂੰ ਆਪਣੀ ਮੁਹਾਰਤ ਨਿਖਾਰਨ ਲਈ ਕਦੇ ਅਜਿਹਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਪਹਿਲੀ ਵਾਰ ਉਸ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮਿਲਣ ਦਾ ਸਬੱਬ ਬਣਿਆ ਹੈ।

ਪਠਾਨਕੋਟ ਤੋਂ ਅਧਿਆਪਕਾ ਸੁਨਿਤਾ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਭਲੇ ਲਈ ਆਪਣਾ ਹੁਨਰ ਤਰਾਸ਼ਣ ਦਾ ਮੌਕਾ ਹਾਸਲ ਹੋਇਆ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਅਧਿਆਪਕਾਂ ਦੇ ਭਲੇ ਲਈ ਅਜਿਹੇ ਹੋਰ ਉਪਰਾਲੇ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਅਜਿਹੇ ਮੌਕੇ ਹਾਸਲ ਹੁੰਦੇ ਰਹਿਣਗੇ।

ਐਸ.ਏ.ਐਸ. ਨਗਰ ਤੋਂ ਵੰਦਨਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦਿਲਾਂ ਵਿੱਚ ਮੁੱਖ ਮੰਤਰੀ ਪ੍ਰਤੀ ਬਹੁਤ ਸਤਿਕਾਰ ਹੈ ਕਿਉਂਕਿ ਉਨ੍ਹਾਂ ਨੇ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਦਲਾਅ ਲਾਮਿਸਾਲ ਅਤੇ ਸਵਾਗਤਯੋਗ ਹੈ।

ਜਲੰਧਰ ਤੋਂ ਗੁਰਿੰਦਰ ਕੌਰ ਨੇ ਅਧਿਆਪਕਾਂ ਨੂੰ ਇਹ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਅਕ ਢਾਂਚੇ ਦੀ ਕਾਇਆਕਲਪ ਕਰਨ ਲਈ ਕੀਤੇ ਜਾ ਰਹੇ ਇਤਿਹਾਸਕ ਉਪਰਾਲਿਆਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਸ਼ੁਕਰੀਆ ਅਦਾ ਕੀਤਾ। ਅਧਿਆਪਕ ਭਾਲਾ ਰਾਮ ਨੇ ਕਿਹਾ ਕਿ ਅਧਿਆਪਕਾਂ ਦੀ ਭਰਤੀ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਦਾ ਮੌਕਾ ਦੇਣ ਲਈ ਉਹ ਮੁੱਖ ਮੰਤਰੀ ਦੇ ਧੰਨਵਾਦੀ ਹਨ।

ਫਾਜ਼ਿਲਕਾ ਤੋਂ ਲਵਜੀਤ ਗਰੇਵਾਲ ਨੇ ਵਿਦਿਆਰਥੀਆਂ ਦੀ ਬਿਹਤਰੀ ਲਈ ਵਿਦੇਸ਼ਾਂ ਵਿੱਚ ਸਿਖਲਾਈ ਦਿਵਾਉਣ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਵਿਆਪਕ ਯਤਨ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੇ।

About The Author

Leave a Reply

Your email address will not be published. Required fields are marked *

You may have missed

error: Content is protected !!