ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਵਾਰਡ ਨੰਬਰ 37 ’ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 6 ਦਸੰਬਰ 2024: ਵਾਰਡ ਨੰਬਰ 37 ਦੀਆਂ ਗਲੀਆਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਇਕ ਹੋਰ ਕਦਮ ਵਧਾਉਂਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 15.9 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਪ੍ਰਾਥਮਿਕ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਵਈ ਵਿਚ ਪੰਜਾਬ ਸਰਕਾਰ ਸੂਬੇ ਦੇ ਹਰ ਕੋਨੇ ਵਿਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ। ਇਹ ਸਰਕਾਰ ਨਾ ਕੇਵਲ ਸ਼ਹਿਰੀ ਬਲਕਿ ਪੇਂਡੂ ਖੇਤਰਾਂ ਦੇ ਵਿਕਾਸ ਲਈ ਵੀ ਠੋਸ ਕਦਮ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 37 ਵਿਚ ਇੰਟਰ ਲਾਕਿੰਗ ਟਾਈਲਾਂ ਦਾ ਇਹ ਕੰਮ ਹਲਕਾ ਵਾਸੀਆਂ ਨੂੰ ਆਸਾਨ ਆਵਾਜਾਈ ਦੀਆਂ ਸੁਵਿਧਾ ਪ੍ਰਦਾਨ ਕਰੇਗਾ ਅਤੇ ਗਲੀਆਂ ਦੀ ਸੁੰਦਰਤਾ ਵਿਚ ਵੀ ਵਾਧਾ ਕਰੇਗਾ।
ਵਿਧਾਇਕ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਕਾਸ ਕਾਰਜਾਂ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਅਤੇ ਜਨਤਕ ਜਾਇਦਾਦਾਂ ਦੀ ਸਾਂਭ-ਸੰਭਾਲ ਨੂੰ ਬਣਾਏ ਰੱਖਣ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਮੋਨਿਕਾ ਵਰਮਾ, ਅਜੇ ਵਰਮਾ, ਅਜੇ ਸੈਣੀ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਗੋਪਾਲ ਵਰਗਾ, ਮਨੂ, ਰੇਖਾ, ਰਚਨਾ, ਸੁਰਿੰਦਰ ਭੋਗਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।