ਪੀ.ਡੀ.ਏ. ਨੇ 2 ਅਣਅਧਿਕਾਰਤ ਕਲੋਨੀਆਂ ਢਾਹੀਆਂ

0
– ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ‘ਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਮਨੀਸ਼ਾ ਰਾਣਾ
ਪਟਿਆਲਾ, 9 ਜਨਵਰੀ 2025: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਪਿੰਡ ਸਿਉਣਾ ਤੇ ਬਲਬੇੜਾ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀਆਂ ਗਈਆਂ 2 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਹੈ।
ਇਹ ਜਾਣਕਾਰੀ ਦਿੰਦਿਆਂ ਪੀ.ਡੀ.ਏ ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀ.ਡੀ.ਏ. ਇਸ ਗੱਲੋਂ ਸਪੱਸ਼ਟ ਹੈ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।
ਮਨੀਸ਼ਾ ਰਾਣਾ ਨੇ ਪੀ.ਡੀ.ਏ. ਵੱਲੋਂ ਲੋਕਾਂ ਨੂੰ ਇਹ ਵੀ ਸੰਦੇਸ਼ ਦਿੱਤਾ ਕਿ ਪਟਿਆਲਾ ਵਾਸੀ ਭਵਿਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ.ਡੀ.ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸੇ ਦੌਰਾਨ ਪੀ.ਡੀ.ਏ ਦੇ ਵਧੀਕ ਮੁੱਖ ਪ੍ਰਸ਼ਾਸ਼ਕ ਜਸ਼ਨਪ੍ਰੀਤ ਕੌਰ ਨੇ ਇਹ ਵੀ ਸੂਚਿਤ ਕੀਤਾ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।
ਜ਼ਿਲ੍ਹਾ ਨਗਰ ਯੋਜਨਾਕਾਰ ਡਾ. ਸੀਮਾ ਕੌਸ਼ਲ ਨੇ ਦੱਸਿਆ ਕਿ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ‘ਚ ਸ਼ਾਮਲ ਸਹਾਇਕ ਨਗਰ ਯੋਜਨਾਕਾਰ ਗੁਰਿੰਦਰ ਸਿੰਘ, ਉਪ-ਮੰਡਲ ਇੰਜੀਨੀਅਰ ਰਾਜੀਵ ਕੁਮਾਰ ਸਮੇਤ ਜੂਨੀਅਰ ਇੰਜੀਨੀਅਰਜ਼ ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਗੁਰਪਿਆਰ ਸਿੰਘ ਅਤੇ ਪੰਕਜ ਗਰਗ ਮੌਜੂਦ ਸਨ।

About The Author

Leave a Reply

Your email address will not be published. Required fields are marked *