ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

0

– ਕਿਹਾ, ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੀ ਭਲਾਈ ਲਈ ਹੋਰ ਉਪਰਾਲਿਆਂ ਸਮੇਤ ਗਠਿਤ ਕੀਤਾ ਜਾ ਰਿਹੈ ਵੈੱਲਫੇਅਰ ਬੋਰਡ

ਜਲੰਧਰ, 17 ਜਨਵਰੀ 2025: ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦੁਆਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੈੱਲਫੇਅਰ ਬੋਰਡ ਗਠਿਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਜਾ ਰਹੇ ਇਸ ਬੋਰਡ ਵਿੱਚ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ, ਜਿਸ ਨਾਲ ਉਹ ਆਪਣੇ ਮਸਲੇ ਖੁਦ ਹੱਲ ਕਰਨ ਦੇ ਸਮਰੱਥ ਹੋ ਸਕਣਗੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ  ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਵਜੋਂ  ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਰਾਸ਼ੀ ਨੂੰ ਨਿਯਮਾਂ ਮੁਤਾਬਕ ਰਿਵਾਈਜ਼ ਕਰਨ ਸਬੰਧੀ ਵੀ ਸਰਕਾਰ ਵੱਲੋਂ ਅਗਲੀ ਯੋਗ ਕਾਰਵਾਈ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਫੌਜ ਦੇ ਕਰਮਚਾਰੀਆਂ ਦੇ ਸਨਮਾਨ ਵਜੋਂ ਯਾਦਗਾਰਾਂ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਤਹਿਤ ਲੋਕ ਨੁਮਾਇੰਦੇ ਸੁਤੰਤਰਤਾ ਸੈਨਾਨੀਆਂ ਨੂੰ ਮਿਲਣਗੇ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਤਰ੍ਹਾਂ-ਤਰ੍ਹਾਂ ਦੇ ਤਸੀਹਿਆਂ ਨੂੰ ਆਪਣੇ ਪਿੰਡੇ ’ਤੇ ਹੰਢਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਉਨ੍ਹਾਂ ਦੇ ਬਲਿਦਾਨ ਦਾ ਸਨਮਾਨ ਕਰਨਾ ਅਤੇ ਸਰਕਾਰ ਤੇ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਸੁਤੰਤਰਤਾ ਸੈਨਾਨੀਆਂ ਦੇ ਸਨਮਾਨ ਲਈ ਬਣਾਏ ਗਏ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚਾ ਰਾਸ਼ਟਰ ਇਨ੍ਹਾਂ ਬਹਾਦਰ ਸੁਤੰਤਰਤਾ ਸੈਨਾਨੀਆਂ ਦਾ ਰਿਣੀ ਹੈ, ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਨਾਇਕਾਂ ਦੇ ਯੋਗਦਾਨ ਨੂੰ ਪੈਸਿਆਂ ਨਾਲ ਨਹੀਂ ਤੋਲਿਆ ਜਾ ਸਕਦਾ, ਪਰ ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਅਤੇ ਸੰਭਾਲ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵੱਲੋਂ ਉਠਾਏ ਵੱਖ-ਵੱਖ ਮੁੱਦਿਆਂ ਨੂੰ ਸੁਣਿਆ ਅਤੇ ਸਬੰਧਿਤ ਵਿਭਾਗਾਂ ਨੂੰ ਇਨ੍ਹਾਂ ਦੇ ਤੁਰੰਤ ਨਿਪਟਾਰੇ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਸਕੱਤਰ ਰੱਖਿਆ ਭਲਾਈ ਗਗਨਦੀਪ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਸੁਤੰਤਰਤਾ ਸੈਨਾਨੀ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *