ਡਿਪਟੀ ਕਮਿਸ਼ਨਰ ਵੱਲੋਂ ਪੀ.ਏ.ਪੀ. ਚੌਕ ਫਲਾਈ ਓਵਰ ਲਈ ਨਵੇਂ ਰੈਂਪ ਦੇ ਡਿਜ਼ਾਈਨ ਦਾ ਜਾਇਜ਼ਾ

0

ਜਲੰਧਰ, 21 ਜਨਵਰੀ 2025: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੰਮ੍ਰਿਤਸਰ ਅਤੇ ਪਠਾਨਕੋਟ ਵੱਲ ਜਾਣ ਵਾਲੇ ਯਾਤਰੀਆਂ ਨੂੰ ਆਵਾਜਾਈ ਸਬੰਧੀ ਪੇਸ਼ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਵੱਲੋਂ ਪੀ.ਏ.ਪੀ. ਚੌਕ ਫਲਾਈ ਓਵਰ ‘ਤੇ ਨਵੇਂ ਰੈਂਪ ਸਬੰਧੀ ਤਿਆਰ ਡਿਜ਼ਾਈਨ ਦਾ ਜਾਇਜ਼ਾ ਲਿਆ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ, ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਐਸ.ਡੀ.ਐਮ. ਰਣਦੀਪ ਸਿੰਘ ਹੀਰ ਸਮੇਤ ਐਨ.ਐਚ.ਏ.ਆਈ. ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੀ.ਏ.ਪੀ. ਚੌਕ ਵਿਖੇ ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਸ਼ਹਿਰ ਵਾਸੀਆਂ ਨੂੰ ਅੰਮ੍ਰਿਤਸਰ ਤੇ ਪਠਾਨਕੋਟ ਵੱਲ ਆਸਾਨ ਪਹੁੰਚ ਪ੍ਰਦਾਨ ਕਰਨ ֹ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਇਕ ਵਾਰ ਇਸ ਪਲਾਨ ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਜੋੜਦੇ ਇਸ ਸਭ ਤੋਂ ਵਿਅਸਤ ਸਥਾਨ ’ਤੇ ਆਵਾਜਾਈ ਸਬੰਧੀ ਮਸਲੇ ਨੂੰ ਹੱਲ ਕੀਤਾ ਜਾ ਸਕੇਗਾ।

ਮੀਟਿੰਗ ਦੌਰਾਨ ਉਨ੍ਹਾਂ ਆਦਮਪੁਰ ਫਲਾਈਓਵਰ ਅਤੇ ਆਦਮਪੁਰ ਏਅਰਪੋਰਟ ਅਪਰੋਚ ਰੋਡ ਨੂੰ ਚਹੁੰ ਮਾਰਗੀ ਕਰਨ ਦੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਅਪਰੋਚ ਰੋਡ ਨੂੰ ਚਹੁੰਮਾਰਗੀ ਕਰਨ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ।

ਇਸ ਮੌਕੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਵੱਲੋਂ ਫੋਕਲ ਪੁਆਇੰਟ, ਟਰਾਂਸਪੋਰਟ ਨਗਰ ਵਿਖੇ ਸੀਵਰੇਜ ਦੇ ਪਾਣੀ ਖੜ੍ਹਨ ਸਬੰਧੀ ਸਮੱਸਿਆ ਧਿਆਨ ਵਿੱਚ ਲਿਆਉਣ ’ਤੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਉਕਤ ਥਾਵਾਂ ਦਾ ਦੌਰਾ ਕਰਕੇ ਤੁਰੰਤ ਮਸਲੇ ਦਾ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਮੀਟਿੰਗ ਵਿੱਚ ਨਗਰ ਨਿਗਮ ਜਲੰਧਰ, ਲੋਕ ਨਿਰਮਾਣ ਵਿਭਾਗ, ਪੀ.ਐਸ.ਪੀ.ਸੀ.ਐਲ., ਅਤੇ ਕੌਮੀ ਹਾਈਵੇ ਅਥਾਰਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

About The Author

Leave a Reply

Your email address will not be published. Required fields are marked *