ਪੀ.ਜੀ.ਆਰ.ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ‘ਤੇ ਜ਼ੋਰ
![](https://timespunjab.com/wp-content/uploads/2025/02/WhatsApp-Image-2025-02-05-at-11.50.36-AM-1-1024x771.jpg)
ਪਟਿਆਲਾ, 5 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਪੀ.ਜੀ.ਆਰ.ਐਸ ਪੋਰਟਲ ਦੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਹਰ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ, ਸਾਨੂੰ ਇਸ ਬਾਰੇ ਵਧੇਰੇ ਸਤਰਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ.’ਤੇ ਆਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ। ਉਹਨਾਂ ਇਸ ਗੱਲ ’ਤੇ ਵੀ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਭਾਗ ਦੇ ਅਧਿਕਾਰੀ ਨੂੰ ਹੋਰ ਕੰਮਾਂ ਦੇ ਨਾਲ-ਨਾਲ ਇਹਨਾਂ ਸ਼ਿਕਾਇਤਾਂ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ, ਤਾਂ ਜੋ ਇਹਨਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਹੋ ਸਕੇ।
ਡਾ. ਨਵਜੋਤ ਸ਼ਰਮਾ ਨੇ ਰੈਵਿਨਊ, ਕਰ ਕੇ ਆਬਕਾਰੀ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਵਿਭਾਗ, ਕਿਰਤ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਵਣ ਵਿਭਾਗ, ਟਰਾਂਸਪੋਰਟ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਪੀ.ਜੀ.ਆਰ.ਐਸ. ਦੇ ਨੋਡਲ ਅਫ਼ਸਰਾਂ ਨਾਲ ਬੈਠਕ ਕਰਦਿਆਂ ਕਿਹਾ ਕਿ ਕੱਲ੍ਹ ਤੱਕ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀਆਂ ਸਮਾਂ ਲੰਘ ਚੁੱਕੀਆਂ ਸ਼ਿਕਾਇਤਾਂ ਸਬੰਧੀ ਫਾਈਨਲ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਜਮ੍ਹਾਂ ਕਰਵਾਉਣੀ ਯਕੀਨੀ ਬਣਾਉਣ। ਉਹਨਾਂ ਸਾਰੇ ਨੋਡਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਇਸ ਕੰਮ ਵਿਚ ਦੇਰੀ ਹੋਣ ਤੇ ਸਬੰਧਤ ਵਿਭਾਗ ਇਸ ਲਈ ਜ਼ਿੰਮੇਵਾਰ ਹੋਵੇਗਾ। ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।