ਵਿਧਾਇਕ ਸ੍ਰ: ਗੁਰਦੇਵ ਸਿੰਘ ਦੇਵ ਮਾਨ ਨੇ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
– ਕਿਹਾ, ਦਿਹਾਤੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ
(Krishna Raja)
ਪਟਿਆਲਾ, 6 ਫਰਵਰੀ 2025: ਨਾਭਾ ਦੇ ਵਿਧਾਇਕ ਸ੍ਰ: ਗੁਰਦੇਵ ਸਿੰਘ ਦੇਵ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਸ-2) ਅਧੀਨ ਵੱਖ-ਵੱਖ ਸਕੀਮਾਂ ਦੀ ਪ੍ਰਵਾਨਗੀ ਸਬੰਧੀ ਜ਼ਿਲ੍ਹਾ ਵਾਟਰ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ । ਉਹਨਾਂ ਇਸ ਦੌਰਾਨ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ।
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਨ ਦੀ ਹਦਾਇਤ ਕੀਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ-ਸੁਥਰਾ ਪਾਣੀ ਉਪਲਬਧ ਕਰਵਾਉਣ ਅਤੇ ਹਰ ਘਰ ਵਿੱਚ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਕਾਸ ਪ੍ਰੋਜੈਕਟ ਤੁਰੰਤ ਮੁਕੰਮਲ ਕੀਤੇ ਜਾਣ ।
ਉਹਨਾ ਪਿੰਡਾਂ ਵਿੱਚ ਗ੍ਰਾਮੀਣ ਮਿਸ਼ਨ (ਫੇਸ-2) ਤਹਿਤ ਕੰਮਿਊਨਿਟੀ ਸੈਨੇਟਰੀ ਕੰਪਲੈਕਸ, ਪਖਾਨਿਆਂ ਦੀ ਉਸਾਰੀ, ਠੋਸ ਤੇ ਤਰਲ ਕੂੜਾ ਪ੍ਰਬੰਧਨ, ਗੋਬਰ ਧਨ ਤੇ ਬਾਇਓ ਗੈਸ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਲਗਵਾਉਣ ਸਬੰਧੀ ਸਮੀਖਿਆ ਕੀਤੀ । ਉਹਨਾਂ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਕੰਮ ਵਿੱਚ ਤੇਜੀ ਦਿਖਾਵੇ ਅਤੇ ਕਿਸੇ ਵੀ ਕੰਮ ਵਿੱਚ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ ।
ਉਹਨਾਂ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਨੂੰ ਹਦਾਇਤ ਕੀਤੀ ਕਿ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ ਅਤੇ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਰੋਜ਼ਾਨਾਂ ਅਧਾਰ ‘ਤੇ ਮੋਨੀਟਰ ਕੀਤਾ ਜਾਵੇ ਅਤੇ ਉਹਨਾਂ ਨੂੰ ਮਿੱਥੇ ਸਮੇਂ ਅੰਦਰ-ਅੰਦਰ ਮੁਕੰਮਲ ਕਰਵਾਇਆ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ , ਜ਼ਿਲ੍ਹਾ ਸੈਨੀਟੇਸ਼ਨ ਅਫਸਰ ਰਸ਼ਪਿੰਦਰ ਸਿੰਘ , ਕਾਰਜਕਾਰੀ ਇੰਜੀਨੀਅਰ ਵਿਪਿਨ ਸਿੰਗਲਾ , ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।