ਵਿਕਾਸ ਹੀ ਹੈ ਪੰਜਾਬ ਸਰਕਾਰ ਦਾ ਏਜੰਡਾ- ਅਮਨ ਅਰੋੜਾ

– ਕਿਹਾ, ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ ਸਰਕਾਰ ਨੇ ਤਿੰਨ ਸਾਲ ਵਿੱਚ ਖਰਚੇ 1900 ਕਰੋੜ ਰੁਪਏ
– ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਹੋਵੇਗੀ ਜਿੱਤ
– ਬਲੂਆਣਾ ਹਲਕੇ ਦੇ ਸਕੂਲਾਂ ਲਈ ਸਰਕਾਰ ਨੇ ਦਿੱਤੇ 100 ਕਰੋੜ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਬੱਲੂਆਣਾ ( ਫਾਜ਼ਿਲਕਾ) 18 ਫਰਵਰੀ 2025:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਵਿਕਾਸ ਹੀ ਇੱਕ ਮਾਤਰ ਏਜੰਡਾ ਹੈ। ਉਹ ਅੱਜ ਇੱਥੇ ਅਬੋਹਰ ਵਿਖੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੇ ਦਫਤਰ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਇਸ ਮੌਕੇ ਆਖਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਲਾਕੇ ਦੇ ਵਿਕਾਸ ਨੂੰ ਤਰਜੀਹ ਨਹੀਂ ਦਿੱਤੀ ਗਈ। ਉਹਨਾਂ ਨੇ ਕਿਹਾ ਕਿ ਇੱਥੇ ਵੱਡੇ ਸਿਆਸੀ ਕੱਦ ਵਾਲੇ ਆਗੂ ਤਾਂ ਹੋਏ ਪਰ ਉਹਨਾਂ ਕੋਲ ਕੰਮ ਪ੍ਰਤੀ ਪਹੁੰਚ ਨਹੀਂ ਸੀ । ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੇਰੇ ਗਰਾਂਟਾਂ ਵਿਕਾਸ ਕਾਰਜਾਂ ਲਈ ਆਉਣਗੀਆਂ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵੀ ਵੱਡੀ ਜਿੱਤ ਦਰਜ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਗਰਾਂਟ ਹਰੇਕ ਪਿੰਡ ਤੱਕ ਬਿਨਾਂ ਭੇਦਭਾਵ ਪਹੁੰਚੇਗੀ । ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਅਨੂਸਰ ਵਿਕਾਸ ਕਾਰਜ ਕਰਦੇ ਹੋਏ ਸਮਾਜ ਭਲਾਈ ਦੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ।



ਇਸ ਤੋਂ ਪਹਿਲਾਂ ਬੋਲਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਉਹਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕੇ ਵਿੱਚ ਪੰਜਾਬ ਸਰਕਾਰ ਵੱਲੋਂ 44 ਖੇਡ ਸਟੇਡੀਅਮ ਬਣਾਏ ਜਾ ਚੁੱਕੇ ਹਨ। ਇਸ ਤੋਂ ਬਿਨਾਂ 12 ਪਿੰਡਾਂ ਵਿੱਚ ਲਾਈਬ੍ਰੇਰੀਆਂ ਬਣਾਈਆਂ ਗਈਆਂ ਹਨ ਅਤੇ 15 ਕਰੋੜ ਦੀ ਲਾਗਤ ਨਾਲ ਪਿੰਡ ਸੁਖਚੈਨ ਵਿੱਚ ਨਵਾਂ ਸਰਕਾਰੀ ਕਾਲਜ ਬਣਾਇਆ ਗਿਆ ਹੈ। ਇਸ ਤੋਂ ਬਿਨਾਂ ਸੂਬਾ ਸਰਕਾਰ ਵੱਲੋਂ ਹਲਕੇ ਦੇ ਸਕੂਲਾਂ ਲਈ 100 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਇਸ ਤੋਂ ਪਹਿਲਾਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਵੀ ਸੰਬੋਧਨ ਕੀਤਾ ਅਤੇ ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਪਹੁੰਚ ਕੇ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਦੇ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਚਰਨ ਸਿੰਘ ਮੁਸਾਫਰ, ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਅਬੋਹਰ ਦੇ ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਵੱਖ ਵਖ ਪਿੰਡਾਂ ਦੇ ਪੰਚ ਸਰਪੰਚ ਅਤੇ ਪਤਵੰਤੇ ਹਾਜ਼ਰ ਸਨ। ਬਾਅਦ ਵਿੱਚ ਸ੍ਰੀ ਅਮਨ ਅਰੋੜਾ ਨੇ ਪਿੰਡ ਬੁਰਜ ਮੁਹਾਰ ਵਿਖੇ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ ਸੜਕ ਦਾ ਨੀਹ ਪੱਥਰ ਵੀ ਰੱਖਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।