ਬੱਚਿਆ ‘ਚ ਕੁਪੋਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੋਸ਼ਣ ਪੰਦਰਵਾੜੇ ਦੀ ਸ਼ੁਰੂਆਤ ਅੱਜ ਤੋਂ: ਡਾ ਚੰਦਰ ਸ਼ੇਖਰ ਕੱਕੜ

(Rajinder Kumar) ਫ਼ਾਜ਼ਿਲਕਾ, 8 ਅਪ੍ਰੈਲ 2025: ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਨੇ ਬੱਚਿਆਂ ‘ਚ ਕੁਪੋਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੋਸ਼ਣ ਪੰਦਰਵਾੜੇ ਦੀ ਅੱਜ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ।
ਸਿਵਲ ਸਰਜਨ ਨੇ ਦੱਸਿਆ ਕਿ 23 ਅਪ੍ਰੈਲ ਤੱਕ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਬੱਚਿਆਂ ‘ਚ ਅਨੀਮੀਆ ਨੂੰ ਰੋਕਣ ਲਈ ਉਪਰਾਲੇ ਕੀਤੇ ਜਾਣਗੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਆਂਗਣਵਾੜੀ ਸੈਂਟਰਾਂ ‘ਚ ਆਂਗਣਵਾੜੀ ਵਰਕਰਾਂ ਨਾਲ ਤਾਲਮੇਲ ਕਰਕੇ ਹਰ ਰੋਜ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ, ਜਿਸ ‘ਚ ਨਿੱਜੀ ਸਫਾਈ, ਹੱਥ ਧੋਣ ਦੀ ਵਿਧੀ, ਮਾਂ ਦੇ ਦੁੱਧ ਦੀ ਮਹੱਤਤਾ, ਸਮੇਂ ਸਿਰ ਟੀਕਾਕਰਨ, 10 ਤੋਂ 18 ਸਾਲ ਦੀਆਂ ਕਿਸ਼ੋਰ ਲੜਕੀਆਂ ਨੂੰ ਮਹਾਵਾਰੀ ਦੌਰਾਨ ਸਾਫ-ਸਫਾਈ ਰੱਖਣ ਸਬੰਧੀ ਸਿਹਤ ਸਿੱਖਿਆ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਇਸ ਪ੍ਰੋਗਰਾਮ ਤਹਿਤ ਗੰਭੀਰ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਕ੍ਰੀਨਿੰਗ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਨੂੰ ਦਿਖਾਇਆ ਜਾਵੇਗਾ।