ਨਾਭਾ, ਸਮਾਣਾ ਅਤੇ ਸਨੌਰ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਵਿਧਾਇਕਾਂ ਵੱਲੋਂ 97 ਲੱਖ 26 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆ ਨੂੰ ਸਮਰਪਿਤ

(Rajinder Kumar) ਪਟਿਆਲਾ, 28 ਅਪ੍ਰੈਲ 2025: ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਦੀ ਵਿਦਿਆਤਮਕ ਅਤੇ ਭੌਤਿਕ ਢਾਂਚਾਗਤ ਸੁਧਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਅਧੀਨ ਨਾਭਾ, ਸਮਾਣਾ ਅਤੇ ਸਨੌਰ ਹਲਕਿਆਂ ਦੇ ਵਿਧਾਇਕਾਂ ਵੱਲੋਂ ਕੁੱਲ 97 ਲੱਖ 26 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ ਕੀਤਾ ਗਿਆ। ਇਹ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਵਿਅਕਤੀਗਤ ਅਤੇ ਅਕਾਦਮਿਕ ਤੌਰ ‘ਤੇ ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਹਨ।
ਇਸ ਮੌਕੇ ‘ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਸਨੌਰ ਹਲਕੇ ਦੇ ਸਰਕਾਰੀ ਮਿਡਲ ਸਕੂਲ ਉਦੇਪੁਰ ਦੀਵਾਨਵਾਲਾ ਵਿੱਚ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਵਿਕਾਸ ਕਾਰਜ ਪੂਰੇ ਕਰਵਾਏ ਗਏ। ਇਸ ਦੇ ਨਾਲ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਈ ਵਿਖੇ 13 ਲੱਖ 26 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਲਈ ਵਿਸ਼ੇਸ਼ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ।
ਦੂਜੇ ਪਾਸੇ, ਸਮਾਣਾ ਹਲਕੇ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮਿਆਲ ਖ਼ੁਰਦ ਦੇ ਸਕੂਲਾਂ ਲਈ 15 ਲੱਖ 2 ਹਜ਼ਾਰ ਰੁਪਏ, ਸਰਕਾਰੀ ਮਿਡਲ ਸਕੂਲ ਤਰਖਾਣ ਮਾਜਰਾ ਲਈ 3 ਲੱਖ 10 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਕਾਲੇਕੀ ਵਿੱਚ 3 ਲੱਖ 50 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ। ਇਹ ਕਾਰਜ ਵਿਦਿਆਰਥੀਆਂ ਨੂੰ ਹੋਰ ਬਿਹਤਰ ਪੜ੍ਹਾਈ ਕਰਨ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਕੀਤੇ ਗਏ ਹਨ।
ਇਸੇ ਤਰ੍ਹਾਂ, ਸਨੌਰ ਹਲਕੇ ਦੇ ਵਿਧਾਇਕ ਦੇਵ ਮਾਨ ਨੇ ਮਾਂਗੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 18 ਲੱਖ 50 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਂਗੇਵਾਲ ਵਿੱਚ 1 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਦੇ ਇਲਾਵਾ, ਸਰਕਾਰੀ ਪ੍ਰਾਇਮਰੀ ਸਕੂਲ ਅਲਹੌਰਾਂ ਗੇਟ ਨਾਭਾ ਵਿੱਚ 9 ਲੱਖ 55 ਹਜ਼ਾਰ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਦੁਲੱਦੀ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸਮਾਰੋਹਾਂ ਦੌਰਾਨ ਵਿਦਿਆਰਥੀਆਂ ਨੂੰ ਨਵੇਂ ਕਲਾਸ-ਰੂਮ, ਸਾਫ਼ ਪੀਣ ਵਾਲਾ ਪਾਣੀ, ਪਖਾਨੇ, ਲਾਇਬ੍ਰੇਰੀਆਂ, ਖੇਡਾਂ ਲਈ ਸੁਵਿਧਾਵਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਸੁਧਾਰ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਪੜ੍ਹਾਈ ਦੀ ਗੁਣਵੱਤਾ ਵਿੱਚ ਨਿਖਾਰ ਆਵੇਗਾ।
ਉਦਘਾਟਨ ਸਮਾਰੋਹ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ, ਡਿਪਟੀ ਡੀਈਓ (ਸੈਕੰਡਰੀ) ਡਾ. ਰਵਿੰਦਰਪਾਲ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼ਾਲੂ ਮਹਿਰਾ, ਡਿਪਟੀ ਡੀਈਓ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ, ਬਲਾਕ ਨੋਡਲ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਹਲਕਾ ਸਿੱਖਿਆ ਕੋਆਰਡੀਨੇਟਰ, ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਇਲਾਕੇ ਦੇ ਸਰਪੰਚ, ਮਿਊਂਸੀਪਲ ਕੌਂਸਲਰ, ਪੰਚ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
ਸਭ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਾਰਾਹਣਾ ਕੀਤੀ ਅਤੇ ਵਿਦਿਆਰਥੀਆਂ ਨੂੰ ਨਵੀਂਆਂ ਸੁਵਿਧਾਵਾਂ ਦਾ ਲਾਭ ਚੁੱਕਣ ਦੀ ਅਪੀਲ ਕੀਤੀ। ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਿਸ਼ਾਨਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ ਅਤੇ ਹਰ ਵਿਦਿਆਰਥੀ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਮਿਲੇ।
ਇਸ ਤਰ੍ਹਾਂ ਸਿੱਖਿਆ ਕ੍ਰਾਂਤੀ ਦੀ ਇਹ ਲਹਿਰ ਪਟਿਆਲਾ ਜ਼ਿਲ੍ਹੇ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਉਪਰਾਲੇ ਜਾਰੀ ਰਹਿਣਗੇ ਤਾਂ ਜੋ ਹਰ ਬੱਚਾ ਆਪਣੇ ਸੁਪਨੇ ਸਾਕਾਰ ਕਰ ਸਕੇ।