ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਕੇਂਦਰਾਂ ’ਚ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ

0

– ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ, 4 ਲੱਖ 89 ਹਜ਼ਾਰ ਮੀਟ੍ਰਿਕ ਟਨ ਫ਼ਸਲ ਦੀ ਹੋਈ ਖ਼ਰੀਦ

– ਕਿਸਾਨਾਂ ਨੂੰ 1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ

– ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

(Rajinder Kumar) ਜਲੰਧਰ, 4 ਮਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਦੀ ਨਿਰਵਿਘਨ ਕਣਕ ਖ਼ਰੀਦੀ ਜਾ ਰਹੀ ਹੈ, ਉੱਥੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ ਮੰਡੀਆਂ ਵਿੱਚ ਹਰ ਬੰਦੋਬਸਤ ਕਰਨ ਦੀ ਹਦਾਇਤ ਕੀਤੀ ਗਈ ਹੈ।

ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਖ਼ਰਾਬ ਮੌਸਮ ਦੇ ਮੱਦੇਨਜ਼ਰ ਖ਼ਰਾਬ ਨਾ ਹੋਣ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੋਂ ਮੌਸਮ ਖ਼ਰਾਬ ਹੈ, ਇਸ ਲਈ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।

ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 4,89,586 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4,95,326 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 4,89,586 ਮੀਟ੍ਰਿਕ ਟਨ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 1,59,967 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,33,969, ਪਨਸਪ ਵੱਲੋਂ 1,09,803, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 55,863, ਐਫ.ਸੀ.ਆਈ. ਵੱਲੋਂ 25,601 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4,382 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ 1152 ਕਰੋੜ ਰੁਪਏ ਦੀ ਰਕਮ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਣਕ ਦੀ ਬੰਪਰ ਪੈਦਾਵਾਰ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 79 ਸਥਾਈ ਮੰਡੀਆਂ ਤੋਂ ਇਲਾਵਾ 23 ਆਰਜ਼ੀ ਮੰਡੀਆਂ ਵੀ ਸਥਾਪਤ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਫ਼ਸਲ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ ਤੇ ਹੋਰ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।

About The Author

Leave a Reply

Your email address will not be published. Required fields are marked *