ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਵੱਲੋਂ ਮਿਲ ਰਿਹੈ ਪੂਰਾ ਸਮਰਥਨ- ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

– ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ, ਕਿਹਾ ਬਖ਼ਸ਼ੇ ਨਹੀਂ ਜਾਣਗੇ ਨਸ਼ਾ ਤਸਕਰ
(Rajinder Kumar) ਸਰਦੂਲਗੜ੍ਹ/ਮਾਨਸਾ, 20 ਮਈ 2025: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਵੱਲੋਂ ਪੂਰਾਂ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਗਾਗੋਵਾਲ, ਗੇਹਲੇ ਅਤੇ ਰਮਦਿੱਤੇਵਾਲਾ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਮੰਤਵ ਜਿੱਥੇ ਨਸ਼ਿਆਂ ਦੀ ਤਸਕਰੀ ਨੂੰ ਰੋਕਣਾ ਹੈ, ਉਥੇ ਹੀ ਨੌਜਵਾਨੀ ਨੂੰ ਇਸ ਭੈੜੀ ਆਦਤ ਤੋਂ ਛੁਟਕਾਰਾ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਚੱਲਦੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਵਿਅਕਤੀ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਉਸਦਾ ਸਹੀ ਢੰਗ ਨਾਲ ਉਸਦਾ ਇਲਾਜ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤੀ ਅਪਣਾਈ ਹੋਈ ਹੈ ਅਤੇ ਪੁਲਿਸ ਨੂੰ ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਜਾਂ ਨਸ਼ਾ ਤਸਕਰਾਂ ਸਬੰਧੀ ਕੋਈ ਵੀ ਜਾਣਕਾਰੀ ਮਿਲਣ ਤੇ ਤੁਰੰਤ ਪੁਲਿਸ ਪ੍ਰਸਾਸਨ ਜਾਂ ਸਿਵਲ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਮੁੜ ਦੁਹਰਾਇਆ ਕਿ ਇਸ ਮੁਹਿੰਮ ਵਿੱਚ ਆਮ ਲੋਕਾਂ ਦੇ ਪੂਰਨ ਸਹਿਯੋਗ ਦੀ ਲੋੜ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਮੌਜੂਦ ਸਨ।