‘ਯੁੱਧ ਨਸ਼ਿਆਂ ਵਿਰੁੱਧ’- ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡਾਂ ‘ਚ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ

– ਨਸ਼ਾ ਮੁਕਤੀ ਯਾਤਰਾ ਨਾਲ ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਲਾਮਬੰਦ ਹੋਏ-ਅਜੀਤਪਾਲ ਸਿੰਘ ਕੋਹਲੀ
(Rajinder Kumar) ਪਟਿਆਲਾ, 22 ਮਈ 2025: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਯੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਕੇ ਸ਼ਹਿਰ ਦੀਆਂ ਵਾਰਡਾਂ ‘ਚ ਪੁੱਜ ਰਹੇ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਅਜੀਤ ਸਿੰਘ ਕੋਹਲੀ ਨੇ ਅੱਜ ਸ਼ਾਮ ਕੌਂਸਲਰ ਰਮਿੰਦਰ ਕੌਰ ਦੇ ਵਾਰਡ ਨੰਬਰ 57, ਕਿਰਨ ਅਹੂਜਾ ਦੇ ਵਾਰਡ ਨੰਬਰ 51 ਤੇ ਕੌਂਸਲਰ ਗੁਰਪ੍ਰੀਤ ਗੁਰੀ ਦੇ ਵਾਰਡ ਨੰਬਰ 40 ਵਿਖੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਦੀ ਸਾਂਝ ਪਾਈ। ਇਸ ਮੌਕੇ ਉਨ੍ਹਾਂ ਦੇ ਨਾਲ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਦਵਿੰਦਰਪਾਲ ਸਿੰਘ ਮਿੱਕੀ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ ਬਣਾਈ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।
ਅਜੀਤਪਾਲ ਸਿੰਘ ਕੋਹਲੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ, ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦਾ ਸਫ਼ਾਇਆ ਕੀਤਾ ਜਾ ਰਿਹਾ ਹੈ। ਜਦਕਿ ਜਿਹੜੇ ਵਿਅਕਤੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਦੇ ਇਲਾਜ ਤੇ ਪੁਨਰਵਾਸ ਲਈ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇਗਾ।