ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

0
– ਅਖੌਤੀ ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਆੜ ਵਿੱਚ ਦੁਕਾਨਾਂ ਖੋਲ੍ਹ ਰੱਖੀਆਂ
– ਬਾਦਲ-ਮਜੀਠੀਆ ਕੁਨਬੇ ਵਿੱਚ ਸਭ ਕੁਝ ਠੀਕ ਨਹੀਂ, ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਿਆ
(Rajinder Kumar) ਬਠਿੰਡਾ, 29 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ।
ਕਿਸਾਨ ਯੂਨੀਅਨਾਂ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਯੂਨੀਅਨਾਂ ਦਾ ਵਜੂਦ ਵੱਖੋ-ਵੱਖਰਾ ਹੈ ਕਿਉਂਕਿ ਯੂਨੀਅਨਾਂ ਦੇ ਲੀਡਰਾਂ ਨੇ ਕਿਸਾਨਾਂ ਦੇ ਹਿੱਤ ਬਚਾਉਣ ਦੇ ਨਾਮ ’ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਦੇ ਲੀਡਰ ਗੈਰ-ਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਕੇ ਵੱਡੀਆਂ ਜਾਇਦਾਦ ਦੇ ਮਾਲਕ ਬਣੇ ਹੋਏ ਹਨ ਅਤੇ ਇੱਥੋਂ ਤੱਕ ਕਿ ਇਨ੍ਹਾਂ ਦੀ ਸੂਬੇ ਦੇ ਕਈ ਹੋਟਲਾਂ ਤੇ ਹਸਪਤਾਲਾਂ ਵਿੱਚ ਵੀ ਹਿੱਸਾ ਪੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਯੂਨੀਅਨਾਂ ਨੂੰ ਖੇਤੀ ਸੰਕਟ ਨਾਲ ਜੁੜੇ ਮਸਲਿਆਂ ’ਤੇ ਉਨ੍ਹਾਂ ਨਾਲ ਲਾਈਵ ਬਹਿਸ ਕਰਨ ਦੀ ਚੁਣੌਤੀ ਦਿੱਤੀ।
ਮੁੱਖ ਮੰਤਰੀ ਨੇ ਬੀ.ਬੀ.ਐਮ.ਬੀ. ਅਤੇ ਹਰਿਆਣਾ ਨਾਲ ਪਾਣੀਆਂ ਦੇ ਮੁੱਦੇ ’ਤੇ ਕਿਸਾਨ ਯੂਨੀਅਨਾਂ ਵੱਲੋਂ ਚੁੱਪ ਸਾਧਣ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਦੇ ਕਿਸੇ ਵੀ ਲੀਡਰ ਇਕ ਬਿਆਨ ਤੱਕ ਵੀ ਜਾਰੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਬੇਤੁੱਕੇ ਮਸਲਿਆਂ ’ਤੇ ਸੜਕਾਂ ਅਤੇ ਰੇਲਾਂ ਰੋਕ ਕੇ ਸਿਰਫ ਆਪਣੀਆਂ ਦੁਕਾਨਾਂ ਚਲਾ ਰਹੀਆਂ ਹਨ ਜਦਕਿ ਪੰਜਾਬ ਦੇ ਸੰਜੀਦਾ ਮੁੱਦਿਆਂ ਪ੍ਰਤੀ ਚੁੱਪ ਧਾਰ ਲੈਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਉਹ ਸਿਰਫ ਆਪਣੇ ਹਿੱਤ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਸੰਘਰਸ਼ ਕਰਨ ਦੀ ਆੜ ਵਿੱਚ ਕਿਸਾਨਾਂ ਪਾਸੋਂ ਫੀਸ ਵਸੂਲਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਕਿਉਂਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਆਪਸ ਵਿੱਚ ਬੋਲਬਾਣੀ ਵੀ ਬੰਦ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਦੋਵਾਂ ਵੱਲੋਂ ਆਪਣੀ ਹਕੂਮਤ ਦੌਰਾਨ ਲੁੱਟ ਦੇ ਪੈਸੇ ਨਾਲ ਬਣਾਈ ਜਾਇਦਾਦ ਦੀ ਵੰਡ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ ਅਤੇ ਹੁਣ ਪਰਿਵਾਰਾਂ ਵਿੱਚ ਅਣਬਣ ਪੈਦਾ ਹੋ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਇਸ ਦਾ ਖੁਲਾਸਾ ਕਰਨ ਤੋਂ ਬਾਅਦ ਭਾਵੇਂ ਦੋਵੇਂ ਪਰਿਵਾਰ ਇਕੱਠ ਹੋ ਜਾਣ ਪਰ ਸੱਚ ਇਹ ਹੈ ਕਿ ਇਨ੍ਹਾਂ ਨੇਤਾਵਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਆਪਣੇ ਸਿਆਸੀ ਮੁਫਾਦ ਦੀ ਖਾਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸੌੜੇ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕਰਦੇ ਹਨ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਆਪਣੇ ਰਾਜਨੀਤਿਕ ਹਿੱਤਾਂ ਅਨੁਸਾਰ ਅਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿੱਚ ਦੁਬਾਰਾ ਸ਼ਾਮਲ ਕੀਤਾ ਜਾਵੇਗਾ ਅਤੇ ਇੱਥੋਂ ਤੱਕ ਕਿ ਫਖ਼ਰ-ਏ-ਕੌਮ ਦਾ ਖਿਤਾਬ ਵੀ ਮੁੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਕਰ ਦਿੱਤਾ ਜਾਵੇਗਾ।

About The Author

Leave a Reply

Your email address will not be published. Required fields are marked *