ਜ਼ਿਲ੍ਹਾ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ ; ਜ਼ਿਲ੍ਹਾ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦਾ ਦੂਜਾ ਬੈਚ ਸਫ਼ਲਤਾਪੂਰਵਕ ਮੁਕੰਮਲ

– ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ‘ਚ ਕੰਮ ਕਰਨ ਦਾ ਮਿਲਿਆ ਮੌਕਾ
– ਡਿਪਟੀ ਕਮਿਸ਼ਨਰ ਨੇ ਇੰਟਰਨਸ ਦੀ ਕਾਰਗੁਜ਼ਾਰੀ ਨੂੰ ਸਲਾਹਿਆ, ਰੌਸ਼ਨ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
(Rajinder Kumar) ਜਲੰਧਰ, 12 ਜੁਲਾਈ 2025: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਜ਼ਿਲ੍ਹਾ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਦੂਜੇ ਬੈਚ ਦੇ ਮੁਕੰਮਲ ਹੋਣ ‘ਤੇ ਇੰਟਰਨਸ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਸ਼ੁਰੂ ਕੀਤਾ ਗਿਆ ਦੂਜਾ ਬੈਚ ਸਫ਼ਲਤਾ ਪੂਰਵਕ ਮੁਕੰਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਜੇ ਬੈਚ ਦੌਰਾਨ ਡੀ.ਏ.ਵੀ. ਯੂਨੀਵਰਸਿਟੀ, ਜਲੰਧਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ, ਜਲੰਧਰ ਦੇ ਵਿਦਿਆਰਥੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਭਾਗਾਂ ਦੇ ਦਫ਼ਤਰਾਂ ਵਿੱਚ ਇਕ ਮਹੀਨੇ ਲਈ ਬਤੌਰ ਇੰਟਰਨ ਸ਼ਾਮਿਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਇੰਟਰਨਸ ਨੂੰ ਵੱਖ-ਵੱਖ ਪ੍ਰਾਜੈਕਟ ਅਲਾਟ ਕੀਤੇ ਗਏ, ਤਾਂ ਜੋ ਇਹ ਵਿਦਿਆਰਥੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰ ਸਕਣ।
ਉਨ੍ਹਾਂ ਕਿਹਾ ਕਿ ਇਸ ਇਕ ਮਹੀਨੇ ਦੇ ਇੰਟਰਨਸ਼ਿਪ ਪ੍ਰੋਗਰਾਮ ਦਾ ਮੁੱਖ ਮੰਤਵ ਆਮ ਲੋਕਾਂ ਤੱਕ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਨਸਿਕ ਪੱਧਰ ਦਾ ਵਿਕਾਸ ਕਰਨਾ ਵੀ ਹੈ, ਤਾਂ ਜੋ ਉਹ ਭਵਿੱਖ ਵਿੱਚ ਸਰਕਾਰੀ ਖੇਤਰ ਵਿੱਚ ਨੌਕਰੀ ਕਰਨ ਤਾਂ ਨੌਕਰੀ ਦੌਰਾਨ ਪੇਸ਼ ਆਉਣ ਵਾਲੀਆਂ ਚੁਣੌਤੀਆਂ ਨੂੰ ਸਹਿਜਤਾ ਨਾਲ ਹੱਲ ਕਰਨ ਦੇ ਯੋਗ ਹੋ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਇੰਟਰਨਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵੱਲੋਂ ਹਾਸਲ ਕੀਤੀ ਜਾਣਕਾਰੀ ਅਤੇ ਤਜੁਰਬੇ ਦਾ ਜਾਇਜ਼ਾ ਵੀ ਲਿਆ ਗਿਆ। ਮੀਟਿੰਗ ਦੌਰਾਨ ਇੰਟਰਨਸ ਵਲੋਂ ਆਪੋ-ਆਪਣੀ ਰਿਪੋਰਟ ਪੇਸ਼ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਇੰਟਰਨਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ ਅਤੇ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਨੀਲਮ ਮਹੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਗਏ ਜ਼ਿਲ੍ਹਾ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਦੋ ਬੈਚ ਸਫ਼ਲਤਾ ਪੂਰਵਕ ਮੁਕੰਮਲ ਹੋ ਚੁੱਕੇ ਹਨ ਅਤੇ ਸਿਖ਼ਲਾਈ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਇੰਟਰਨਸ ਨੂੰ ਪੂਰਾ ਸਹਿਯੋਗ ਦਿੱਤਾ ਗਿਆ।