ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪਿੰਡ ਮੁਹਾਰ ਜਮਸ਼ੇਰ ਅਤੇ ਜੰਡਵਾਲਾ ਮੀਰਾ ਸੰਗਲਾਂ ਦਾ ਦੌਰਾ

– ਮੀਂਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
(Rajinder Kumar) ਫਾਜ਼ਿਲਕਾ, 11 ਅਗਸਤ 2025: ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਅਧੀਨ ਪੈਂਦੇ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਾਕਿਸਤਾਨ ਵਾਲੇ ਪਾਸਿਓਂ ਆਏ ਪਾਣੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਇਸ ਮੌਕੇ ਵਿਧਾਇਕ ਨੇ ਆਖਿਆ ਕਿ ਇਹ ਪਿੰਡ ਕੌਮਾਂਤਰੀ ਸਰਹੱਦ ਤੇ ਬਿਲਕੁਲ ਨਾਲ ਵਸਿਆ ਹੋਇਆ ਹੈ ਅਤੇ ਪਾਕਿਸਤਾਨ ਵਾਲੇ ਪਾਸੇ ਤੋਂ ਹੜ ਦਾ ਪਾਣੀ ਇਸ ਪਿੰਡ ਦੇ ਖੇਤਾਂ ਵਿੱਚ ਆਇਆ ਹੈ। ਉਹਨਾਂ ਨੇ ਕਿਹਾ ਕਿ ਉਹ ਅਧਿਕਾਰੀਆਂ ਨੂੰ ਮੌਕੇ ਤੇ ਲੈ ਕੇ ਨਾਲ ਪਹੁੰਚੇ ਹਨ। ਉਹਨਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਬੀਤੀ ਦੇਰ ਰਾਤ ਉਹਨਾਂ ਨੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਦਾ ਦੌਰਾ ਕਰਕੇ ਇੱਥੇ ਜਲ ਨਿਕਾਸੀ ਦੇ ਚੱਲ ਰਹੇ ਕੰਮ ਦੇ ਜਾਇਜਾ ਲੈਣ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਗਿਰਦਾਵਰੀ ਦਾ ਕਾਰਜ ਜਲਦ ਸ਼ੁਰੂ ਹੋ ਰਿਹਾ ਹੈ । ਉਹਨਾਂ ਨੇ ਕਿਹਾ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਸਰਕਾਰੀ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸਰਕਾਰ ਡੱਟ ਕੇ ਲੋਕਾਂ ਦੇ ਨਾਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਮਕਾਨਾਂ ਨੂੰ ਜੋ ਨੁਕਸਾਨ ਹੋਇਆ ਹੈ ਉਸਦੀ ਵੀ ਗਿਰਦਾਵਰੀ ਹੋਵੇਗੀ। ਇਸ ਮੌਕੇ ਉਨਾਂ ਦੇ ਨਾਲ ਖਜਾਨ ਸਿੰਘ ਪਟਵਾਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।