ਪੰਜਾਬੀਆਂ ਦੇ ਮੂੰਹ ‘ਚੋਂ ਰੋਟੀ ਖੋਹਣ ਲਈ ‘ਰਾਸ਼ਨ ਚੋਰੀ’ ਦੇ ਨਵੇਂ ਹੱਥਕੰਡੇ ਅਪਣਾਉਣ ਲੱਗੀ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

0

– ਬੀ.ਜੇ.ਪੀ. ਦੀਆਂ ਕੋਝੀਆਂ ਚਾਲਾਂ ਪੰਜਾਬੀ ਕਦੇ ਕਾਮਯਾਬ ਨਹੀਂ ਹੋਣ ਦੇਣਗੇ : ਵਿੱਤ ਮੰਤਰੀ

– ਕਿਹਾ, ਆਰ.ਡੀ.ਐਫ, ਜੀ.ਐਸ.ਟੀ. ਮੁਆਵਜ਼ਾ, ਪੀ.ਐਮ.ਆਰ.ਐਸ. ਦੇ ਫ਼ੰਡ ਰੋਕਣ ਤੋਂ ਬਾਅਦ ਹੋਣ ਗਰੀਬਾਂ ਦੀ ਰੋਟੀ ਖੋਹਣ ‘ਤੇ ਉਤਰੀ ਭਾਜਪਾ

– ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ : ਵਿੱਤ ਮੰਤਰੀ

– ਕਿਹਾ, ਲੋਕਾਂ ਦਾ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਾ ਪੰਜਾਬੀ ਦੇਣਗੇ ਮੂੰਹ ਤੋੜਵਾਂ ਜਵਾਬ

– ਭਾਜਪਾ ਕੈਂਪ ਲਗਾਕੇ ਪੰਜਾਬੀਆਂ ਦਾ ਡਾਟਾ ਚੋਰੀ ਕਰਨ ਲੱਗੀ : ਹਰਪਾਲ ਸਿੰਘ ਚੀਮਾ

(Rajinder Kumar) ਪਟਿਆਲਾ, 24 ਅਗਸਤ 2025: ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।

ਅੱਜ ਇਥੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫ਼ੈਸਲੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਪਹਿਲਾਂ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਕ ਸਾਜ਼ਿਸ ਦੇ ਅਧੀਨ ਭਾਰਤੀ ਜਨਤਾ ਪਾਰਟੀ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾ ਕਿਹਾ ਕਿ ਭਾਜਪਾ ਤਿੰਨ ਕਾਲੇ ਕਾਨੂੰਨਾਂ ਦੀ ਕਿੜ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲਿਆਂ ਖਿਲਾਫ ਆਵਾਜ਼ ਬੁਲੰਦ ਕਰੇਗੀ।

ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ, ਜਿਸ ਦੀ ਮਿਸਾਲ ਪੇਂਡੂ ਵਿਕਾਸ ਫੰਡ (ਆਰ.ਡੀ.ਐਫ਼) ਦੇ 8 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣਾ, ਪ੍ਰਧਾਨ ਮੰਤਰੀ ਸੜਕ ਯੋਜਨਾਂ ਦੇ ਲਗਭਗ 1 ਹਜ਼ਾਰ ਕਰੋੜ ਰੁਪਏ ਦੇ ਫੰਡ ਨਾ ਜਾਰੀ ਕਰਨ ਸਮੇਤ ਜੀ.ਐਸ.ਟੀ. ਦੇ ਮੁਆਵਜ਼ੇ ਦਾ 50 ਹਜ਼ਾਰ ਕਰੋੜ ਬਕਾਇਆ ਨਾ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਵੱਲੋਂ ਪੰਜਾਬ ਦੇ ਲੋਕਾਂ ਨਾਲ ਰਾਸ਼ਨ ਬੰਦ ਕਰਕੇ ਸਿੱਧੇ ਤੌਰ ‘ਤੇ ਧੱਕਾ ਕੀਤਾ ਜਾ ਰਿਹਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ 8 ਲੱਖ 2 ਹਜ਼ਾਰ 493 ਰਾਸ਼ਨ ਕਾਰਡ ਰੱਦ ਕਰਨ ਦੀਆਂ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹੈ। ਕੇਂਦਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 32 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਦੇ ਹੱਕ ਤੋਂ ਮਹਿਰੂਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀ ਰੋਟੀ ਖੋਹਣ ਲਈ ‘ਰਾਸ਼ਨ ਚੋਰੀ’ ਦੇ ਹੱਥਕੰਡੇ ਅਪਣਾ ਰਹੀ ਹੈ।  ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦਾ ਮੁਫ਼ਤ ਰਾਸ਼ਨ ਬੰਦ ਕਰਕੇ ਕੇਂਦਰ ਕੋਝੀ ਸਿਆਸਤ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਪੋਲ ਖੋਲਦਿਆਂ ਕਿਹਾ ਕਿ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਨੂੰ ਅਧਾਰ ਬਣਾਕੇ ਗਰੀਬਾਂ ਨੂੰ ਮਿਲਦਾ ਮੁਫ਼ਤ ਰਾਸ਼ਨ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕੇਂਦਰ ਸਰਕਾਰ ਦੇ ਦਬਾਅ ਪਾਉਣ ਵਾਲੇ ਇਨ੍ਹਾਂ ਹੱਥਕੰਡਿਆਂ ਅੱਗੇ ਨਹੀਂ ਝੁਕਣਗੇ ਅਤੇ ਨਾ ਹੀ ਆਪਣੇ ਜਾਇਜ ਹੱਕਾਂ ਨੂੰ ਛੱਡਣਗੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਇਕ ਪਾਸੇ ਕਹਿ ਰਹੀ ਹੈ ਕਿ ਅਸੀਂ ਕੇਂਦਰ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਲੋਕਾਂ ਵਿੱਚ ਜਾ ਰਹੇ ਹਾਂ ਅਤੇ ਦੂਸਰੇ ਪਾਸੇ ਲੋਕਾਂ ਦਾ ਨਿਜੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਬਣਾਏ ਪਰਸਨਲ ਡਾਟਾ ਪ੍ਰੋਟੇਕਸ਼ਨ ਐਕਟ 2023 ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਇਸ ਗੱਲ ‘ਤੇ ਉਤਾਰੋਂ ਹੋਈ ਹੈ ਕਿ ਪੰਜਾਬੀ ਦਾ ਡਾਟਾ ਚੋਰੀ ਕਰਕੇ ਉਸ ਨੂੰ ਤੋੜ ਮਰੋੜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਲਈ ਵੱਡਾ ਖਤਰਾ ਬਣੀ ਹੋਈ ਹੈ।

ਇਸ ਮੌਕੇ ਐਮ.ਐਲ.ਏ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਚੇਅਰਮੈਨ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ, ਸੰਗਠਨ ਇੰਚਾਰਜ ਪਟਿਆਲਾ ਅਰਬਨ ਤੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਇੰਚਾਰਜ ਲੋਕ ਸਭਾ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ, ਜ਼ੋਨਲ ਮੀਡੀਆ ਇੰਚਾਰਜ ਮਾਲਵਾ ਈਸਟ ਹਰਪਾਲ ਜੁਨੇਜਾ, ਟਰੇਡ ਵਿੰਗ ਇੰਚਾਰਜ ਮਾਲਵਾ ਜ਼ੋਨ ਸੰਜੀਵ ਗੁਪਤਾ, ਜ਼ੋਨਲ ਮੀਡੀਆ ਸੈਕਟਰੀ ਮਹਿੰਦਰ ਮੋਹਨ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ, ਰਵਿੰਦਰ ਪਾਲ ਸਿੰਘ (ਪ੍ਰਿੰਸ ਲਾਂਬਾ) ਸੋਸ਼ਲ ਮੀਡੀਆ ਇੰਚਾਰਜ ਪਟਿਆਲਾ ਅਰਬਨ ਸੁਮੀਤ ਤੇਜਾ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਪਟਿਆਲਾ ਦਿਹਾਤੀ ਮੋਹਿਤ ਕੁਜਰੇਜਾ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਗੱਜਣ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

About The Author

Leave a Reply

Your email address will not be published. Required fields are marked *

You may have missed