ਵਿਧਾਇਕ ਜਿੰਪਾ ਨੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

– ਕਿਹਾ, ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਮੁਆਵਜ਼ਾ ਦਿੱਤਾ ਜਾਵੇ
– ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਇਤਿਹਾਸਕ ਫੈਸਲਾ, ਮੁੱਖ ਮੰਤਰੀ ਦਾ ਕੀਤਾ ਧੰਨਵਾਦ
(Rajinder Kumar) ਹੁਸ਼ਿਆਰਪੁਰ, 9 ਸਤੰਬਰ 2025: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਤਹਿਸੀਲ ਦਫ਼ਤਰ ਵਿਖੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲਿਆ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਪੂਰੇ ਦੇਸ਼ ਵਿਚ ਹੁਣ ਤੱਕ ਦਾ ਸਭ ਤੋਂ ਵੱਧ ਮੁਆਵਜ਼ਾ ਹੈ। ਜਿੰਪਾ ਨੇ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਦੀ ਸੰਵੇਦਨਸ਼ੀਲਤਾ ਅਤੇ ਕਿਸਾਨ-ਪੱਖੀ ਸੋਚ ਦਾ ਸਬੂਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬਾ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਦੂਰਅੰਦੇਸ਼ੀ ਨੀਤੀਆਂ ਕਾਰਨ ਹੀ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀ ਲੋਕਾਂ ਦੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਮੁਲਾਂਕਣ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਹਰ ਪ੍ਰਭਾਵਿਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਸਮਾਜਿਕ ਸੰਸਥਾਵਾਂ ਅਤੇ ਸਥਾਨਕ ਲੋਕ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਸਹਿਯੋਗ ਸ਼ਲਾਘਾਯੋਗ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਤਹਿਸੀਲਦਾਰ ਭੀਮ ਸੈਨ, ਰਾਜਨ ਸੈਣੀ, ਬਲਾਕ ਪ੍ਰਧਾਨ ਜਸਪਾਲ ਸੁਮਨ, ਪੰਚ ਰਜਿੰਦਰ, ਸਰਪੰਚ ਪ੍ਰੀਤਪਾਲ, ਮਦਨ ਲਾਲ, ਅਮਨਦੀਪ ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।