ਵਿਧਾਇਕ ਜਿੰਪਾ ਵੱਲੋਂ ਸ਼ਿਮਲਾ ਪਹਾੜੀ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

(Rajinder Kumar) ਹੁਸ਼ਿਆਰਪੁਰ, 17 ਸਤੰਬਰ 2025: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਸ਼ਿਮਲਾ ਪਹਾੜੀ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਸੜਕ ਨਿਰਮਾਣ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕੰਮ ‘ਤੇ ਲੱਗਭਗ 1 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਨਿਰਧਾਰਤ ਸਮੇਂ ਦੇ ਅੰਦਰ ਗੁਣਵੱਤਾਪੂਰਨ ਢੰਗ ਨਾਲ ਪੂਰਾ ਕੀਤਾ ਜਾਵੇਗਾ।
ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਸਾਰੀਆਂ ਪ੍ਰਮੁੱਖ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਜਲਦੀ ਹੀ ਪੂਰੀ ਹੋ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਰਿਸ਼ਾਂ ਕਾਰਨ ਉਸਾਰੀ ਵਿਚ ਕੁਝ ਦੇਰੀ ਹੋਈ ਹੈ, ਪਰੰਤੂ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਢਿੱਲ ਨਹੀਂ ਵਰਤੀ ਜਾ ਰਹੀ।
ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਨਿਰਮਾਣ ਦੀ ਗੁਣਵੱਤਾ ਵਿਚ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਟਿਕਾਊ ਅਤੇ ਮਜ਼ਬੂਤ ਸੜਕਾਂ ਜਨਤਾ ਲਈ ਉਪਲਬੱਧ ਹੋਣ।
ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਨਗਰ ਨਿਗਮ ਦੀ ਸਰਗਰਮੀ ਨਾਲ ਹੁਸ਼ਿਆਰਪੁਰ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਇਕ ਆਧੁਨਿਕ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਕੌਂਸਲਰ ਪ੍ਰਦੀਪ ਬਿੱਟੂ, ਵਿਜੇ ਅਗਰਵਾਲ, ਮਨਜੀਤ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।