ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

– ਫੂਡ ਸੇਫਟੀ ਬਾਰੇ ਸਖ਼ਤ ਚੌਕਸੀ ਦੇ ਨਿਰਦੇਸ਼
– ਫੂਡ ਸੇਫਟੀ ਟੀਮਾਂ ਨੂੰ ਲੋਕਾਂ ਲਈ ਸੁਰੱਖਿਅਤ ਤੇ ਗੁਣਵੱਤਾ ਵਾਲੀਆਂ ਖਾਣ–ਪੀਣ ਦੀਆਂ ਵਸਤਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼
(Rajinder Kumar) ਮਾਨਸਾ, 17 ਅਕਤੂਬਰ 2025: ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।
ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿੱਚ ਖਾਸ ਕਰਕੇ ਦੁੱਧ ਅਤੇ ਦੁੱਧ ਉਤਪਾਦਾਂ, ਘਿਓ, ਪਨੀਰ ਅਤੇ ਮਠਿਆਈਆਂ ਦੀ ਜ਼ਿਆਦਾ ਖਪਤ ਹੁੰਦੀ ਹੈ, ਇਸ ਲਈ ਇੰਨ੍ਹਾਂ ਵਸਤਾਂ ਵਿੱਚ ਮਿਲਾਵਟ ਵਿਰੁੱਧ 24 ਘੰਟੇ ਚੌਕਸੀ ਰੱਖੀ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਨਮੂਨੇ ਲੈਣ ਅਤੇ ਜਾਂਚ ਨੂੰ ਤੇਜ਼ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦੇ ਲਈ ਲਾਜ਼ਮੀ ਸਟਾਫ, ਦਵਾਈਆਂ ਦਾ ਸਟਾਕ ਅਤੇ ਐਂਬੂਲੈਂਸ ਸੇਵਾ ਦਾ ਪੁਖ਼ਤਾ ਪ੍ਰ਼ਬੰਧ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਦੌਰਾਨ ਡਾਕਟਰਾਂ ਅਤੇ ਹੋਰ ਲੋੜੀਂਦੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਰੂਰਤ ਪੈਣ ‘ਤੇ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ। ਇਸ ਨੂੰ ਯਕੀਨੀ ਬਣਾਉਣ ਲਈ ਅਧਿਕਾਰੀ ਆਪਸੀ ਤਾਲਮੇਲ ਨਾਲ ਪ੍ਰਭਾਵਸ਼ਾਲੀ ਕੰਮ ਕਰਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਐਸ.ਐਮ.ਓ. ਮਾਨਸਾ ਡਾ. ਜਗਜੀਤ ਸਿੰਘ, ਫੂਡ ਸੇਫਟੀ ਅਫ਼ਸਰ ਅਮਰਿੰਦਰ ਸਿੰਘ ਮੌਜੂਦ ਸਨ।