ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
– ਪਰਾਲੀ ਦਾ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਕੀਤਾ ਜਾਵੇ ਯੋਗ ਪ੍ਰਬੰਧਨ-ਡਿਪਟੀ ਕਮਿਸ਼ਨਰ
(Rajinder Kumar) ਫਾਜ਼ਿਲਕਾ, 23 ਅਕਤੂਬਰ 2025: ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ. ਗੁਰਮੀਤ ਸਿੰਘ ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜਮੀਨ ਦੇ ਜਰੂਰੀ ਪੌਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਇਸ ਦੇ ਨਾਲ ਹੀ ਪ੍ਰਦੂਸ਼ਣ ਹੋਣ ਨਾਲ ਮਨੁੱਖਾਂ ਨੂੰ ਅਨੇਕਾਂ ਬਿਮਾਰੀਆਂ ਹੁੰਦੀਆਂ ਹਨ। ਉਹਨਾਂ ਨੇ ਕਿਹਾ ਕਿ ਪਰਾਲੀ ਦਾ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪ੍ਰਬੰਧਨ ਕੀਤਾ ਜਾਵੇ । ਉਨਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਜਮੀਨ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨਾਲ ਜਮੀਨ ਵਿੱਚ ਕਾਰਬਨਿਕ ਮਾਦਾ ਵੱਧਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ।

ਐਸਐਸਪੀ ਸ. ਗੁਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਦੀਆਂ ਟੀਮਾਂ ਵੀ ਸਿਵਿਲ ਪ੍ਰਸ਼ਾਸਨ ਦੀਆਂ ਟੀਮਾਂ ਨਾਲ ਮਿਲ ਕੇ ਕੰਮ ਕਰਨਗੀਆਂ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਾਂਗੇ ਤਾਂ ਸਾਡੀ ਨੌਜਵਾਨ ਪੀੜ੍ਹੀ ਨੂੰ ਇਕ ਚੰਗਾ ਸੁਨੇਹਾ ਜਾਵੇਗਾ ਤੇ ਸ਼ੁੱਧ ਤੇ ਬਿਮਾਰੀਆਂ ਮੁਕਤ ਵਾਤਵਾਰਣ ਕਾਇਮ ਰਹੇਗਾ।
ਇਸ ਦੌਰਾਨ ਉਨਾਂ ਨੇ ਪਿੰਡ ਹਸਤਾ ਕਲਾਂ, ਘੁਬਾਇਆ, ਲਮੋਚੜ ਕਲਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪਰਾਲੀ ਨੁੰ ਅੱਗ ਨਾ ਲਗਾ ਕੇ ਉਸਦੀ ਦੀਆਂ ਗੱਠਾਂ ਬਣਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਵੀ ਕੀਤੀ ਜੋ ਕਿ ਵਾਤਾਵਰਣ ਪ੍ਰੇਮੀ ਬਣ ਕੇ ਹੋਰਨਾਂ ਲਈ ਮਿਸਾਲ ਕਾਇਮ ਕਰ ਰਹੇ ਹਨ। ਇਸ ਮੌਕੇ ਉਨਾਂ ਦੇ ਨਾਲ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਅਤੇ ਏਡੀਉ ਲਵਪ੍ਰੀਤ ਸਿੰਘ, ਗੁਰਵੀਰ ਸਿੰਘ ਏ.ਡੀ.ਓ ਆਦਿ ਮੌਜੂਦ ਸਨ।
