ਸੂਬੇ ’ਚ ਐਸ.ਸੀ/ਐਸ.ਟੀ ਐਕਟ ਤਹਿਤ ਦਰਜ ਮਾਮਲਿਆਂ ਲਈ ਐਸ.ਪੀ. ਪੱਧਰ ਦੇ ਨੋਡਲ ਅਧਿਕਾਰੀ ਕੀਤੇ ਗਏ ਨਿਯੁਕਤ : ਜਸਵੀਰ ਸਿੰਘ ਗੜ੍ਹੀ

0

-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਗੜ੍ਹਸ਼ੰਕਰ ’ਚ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

-ਅਨੁਸੂਚਿਤ ਜਾਤੀ ਵਰਗ ਦੇ ਵਿਕਾਸ ਅਤੇ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ’ਤੇ ਦਿੱਤਾ ਜ਼ੋਰ

-ਕਿਹਾ, ਕਮਿਸ਼ਨ ਵੱਲੋਂ ਪਿਛਲੇ 7 ਮਹੀਨਿਆਂ ’ਚ 3 ਹਜ਼ਾਰ ਤੋਂ ਵੱਧ ਫਾਈਲਾਂ ਦਾ ਕੀਤਾ ਗਿਆ ਨਿਪਟਾਰਾ

(Rajinder Kumar) ਗੜ੍ਹਸ਼ੰਕਰ/ਹੁਸ਼ਿਆਰਪੁਰ, 1 ਨਵੰਬਰ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਅਨੁਸੂਚਿਤ ਜਾਤੀ ਵਰਗ ਨਾਲ ਜੁੜੇ ਮੁੱਦਿਆਂ ਅਤੇ ਸਰਕਾਰੀ ਯੋਜਨਾਵਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨਾਲ ਮੁਲਾਕਾਤ ਕਰਕੇ ਹਲਕੇ ਵਿਚ ਅਨੁਸੂਚਿਤ ਜਾਤੀ ਵਰਗ ਦੇ ਵਿਕਾਸ, ਸਿੱਖਿਆ ਰੋਜ਼ਗਾਰ ਅਤੇ ਸਮਾਜਿਕ ਨਿਆਂ ਨਾਲ ਸਬੰਧਤ ਵਿਸ਼ਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।

ਜਸਵੀਰ ਸਿੰਘ ਗੜ੍ਹੀ ਨੇ ਪਿੰਡ ਗੜ੍ਹੀ ਮੱਟੋ ਸਥਿਤ ਨੈਸ਼ਨਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਦੀ ਵਿਸਥਾਰਤ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਆਨਲਾਈਨ ਬਿਨੈ ਕਰਨ ਅਤੇ ਸਾਰੇ ਦਸਤਾਵੇਜ਼ ਪੂਰੇ ਰੱਖਣ ਲਈ ਪ੍ਰੇਰਿਤ ਕੀਤਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਸ੍ਰੀ ਗੜ੍ਹੀ ਨੇ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਵੱਲੋਂ ਹਾਲ ਹੀ ਵਿਚ ਆਯੋਜਿਤ ਮੀਟਿੰਗ ਵਿਚ ਇਹ ਸਪੱਸ਼ਟ ਕੀਤਾ ਗਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਸਾਲ 2021-22 ਅਤੇ 2022 ਦੇ ਬਾਅਦ ਸਾਰੇ ਬਕਾਇਆ ਭੁਗਤਾਨ ਪੰਜਾਬ ਸਰਕਾਰ ਵੱਲੋਂ ਨਿਪਟਾਏ ਜਾ ਚੁੱਕੇ ਹਨ, ਜਿਸ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ।

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਐਸ.ਸੀ/ਐਸ.ਟੀ ਐਕਟ ਤਹਿਤ ਦਰਜ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਐਸ.ਪੀ. ਪੱਧਰ ਦੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਜਦਕਿ ਰਾਜ ਪੱਧਰ ’ਤੇ ਡੀ.ਆਈ.ਜੀ. ਪੱਧਰ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਉਦੇਸ਼ ਅਨੁਸੂਚਿਤ ਜਾਤੀ ਵਰਗ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਸਮੇਂ ਸਿਰ ਨਿਆਂ ਦਿਵਾਉਣਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਪਿਛਲੇ 7 ਮਹੀਨੇ ਵਿਚ 3 ਹਜ਼ਾਰ ਤੋਂ ਵੱਧ ਫਾਇਲਾਂ ਦਾ ਨਿਪਟਾਰਾ ਕੀਤਾ ਗਿਆ ।

ਇਸ ਉਪਰੰਤ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਬੀਹੜਾ ਵਿਚ ਸਰਪੰਚਾਂ ਅਤੇ ਸਥਾਨਕ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸੁਵਿਧਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮਾਜਿਕ ਨਿਆਂ ਨਾਲ ਜੁੜੀਆਂ ਯੋਜਨਾਵਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਅਤੇ ਯੋਗ ਲਾਭਪਾਤਰੀਆਂ ਨੂੰ ਜੋੜਨ ਵਿਚ ਮੋਹਰੀ ਭੂਮਿਕਾ ਨਿਭਾਉਣ।

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਜੱਸੋਵਾਲ ਸਥਿਤ ਗੁਰਦੁਆਰਾ ਸ਼ਹੀਦਾਂ ਵਿਚ ਸੰਤ ਬਾਬਾ ਚਰਨਜੀਤ ਸਿੰਘ ਜੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਬਲੀਦਾਨ ਤੋਂ ਪ੍ਰੇਰਨਾ ਲੈਣ ਲਈ ਕਿਹਾ। ਇਸ ਉਪਰੰਤ ਉਨ੍ਹਾਂ ਨੇ ਪਿੰਡ ਗੱਜਰ ਮਹਿਦੂਦ ਸਥਿਤ ਡੇਰਾ ਸੰਤ ਰਾਜੂ ਦਾਸ ਜੀ ਵਿਚ 108 ਸੰਤ ਸਤਨਾਮ ਦਾਸ ਜੀ ਨਾਲ ਮੁਲਾਕਾਤ ਕਰਕੇ ਲੋਕਾਂ ਨਾਲ ਸਮਾਜਿਕ ਸਦਭਾਵਨਾ ਅਤੇ ਏਕਤਾ ਦੀ ਅਪੀਲ ਕੀਤੀ।

About The Author

Leave a Reply

Your email address will not be published. Required fields are marked *

You may have missed