ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਵੱਲੇ ਸ਼ਾਹ ਹਿਠਾੜ ਦੇ ਕਿਸਾਨਾਂ ਨੂੰ 1 ਕਰੋੜ 57 ਲੱਖ ਦੀ ਮੁਆਵਜਾ ਰਾਸ਼ੀ ਵੰਡੀ
(Rajinder Kumar) ਫਾਜ਼ਿਲਕਾ, 14 ਨਵੰਬਰ 2025: ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਵਿਖੇ ਕਿਸਾਨਾਂ ਨੂੰ 1 ਕਰੋੜ 57 ਲੱਖ ਦੀ ਮੁਆਵਜਾ ਰਾਸ਼ੀ ਵੰਡੀ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਫਾਜ਼ਿਲਕਾ ਦੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਤੇ ਘਰਾਂ ਦਾ ਕਾਫ਼ੀ ਖ਼ਰਾਬਾ ਹੋਇਆ ਸੀ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨਾਂ ਦੀਆਂ ਫਸਲਾਂ ਤੇ ਮਕਾਨਾਂ ਦੇ ਖਰਾਬੇ ਦਾ ਮੁਆਵਜ਼ਾ ਦਿੱਤਾ ਜਾਵੇਗਾ ਜੋ ਕਿ ਸਰਕਾਰ ਨੇ ਪੂਰਾ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਹੜ੍ਹ ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਬਾਕੀ ਹੜ੍ਹ ਪ੍ਰਭਾਵਿਤ ਲੋਕਾਂ ਦਾ ਡਾਟਾ ਇਕੱਠਾ ਕਰਨ ਦਾ ਕੰਮ ਚੱਲ ਰਿਹਾ ਹੈ, ਮੁਆਵਜ਼ੇ ਦੀ ਰਕਮ ਉਨ੍ਹਾਂ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਵੀ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ 20 ਹਜ਼ਾਰ ਦੇ ਰੁਪਏ ਨਾਲ ਖਾਤਿਆਂ ਵਿੱਚ ਭੇਜਿਆ ਜਾ ਰਿਹਾ ਹੈ।
ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਨਾਇਬ ਤਹਸੀਲਦਾਰ ਉਦਿਤ ਵੋਹਰਾ, ਸਰਪੰਚ ਰਮੇਸ਼ ਸਿੰਘ ਗੁਲਾਬਾ ਭੈਣੀ, ਸ਼ੇਰ ਸਿੰਘ ਲਛਮਣ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
