ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਰਿਆਣਾ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ
(Rajinder Kumar) ਹੁਸ਼ਿਆਰਪੁਰ, 18 ਨਵੰਬਰ 2025: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਕੱਲਰ ਖਾਲਸਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਅਤੇ ਮਾਈ ਭਾਗਵਤੀ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ) ਸਕੂਲ ਹਰਿਆਣਾ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।
ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸ ਪੋਰਟਲ ਅਤੇ ਡੀ.ਬੀ.ਈ.ਈ. ਆਨਲਾਈਨ ਮੋਬਾਇਲ ਐਪ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਘਰ ਬੈਠੇ ਹੀ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਦੀ ਜਾਣਕਾਰੀ ਵੀ ਲੈ ਸਕਦੇ ਹਨ ਤੇ ਵਿਦਿਆਰਥੀਆਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਦੇ ਹੁਨਰ ਨੂੰ ਵਿਕਸਿਤ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਵਿਚ ਉਪਰੋਕਤ ਦੋਵਾਂ ਸਕੂਲਾਂ ਦੇ ਸਮੂਹ ਸਟਾਫ ਅਤੇ 100 ਦੇ ਕਰੀਬ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ।
