ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ- ਹੁਸ਼ਿਆਰਪੁਰ ਜ਼ਿਲ੍ਹੇ ‘ਚ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ – ਦਿੱਤਾ ਗਿਆ ਗਾਰਡ ਆਫ਼ ਆਨਰ
-ਮੁਕੇਰੀਆਂ, ਦਸੂਹਾ, ਗੜ੍ਹਦੀਵਾਲਾ ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਪਹੁੰਚਿਆ ਨਗਰ ਕੀਰਤਨ
-22 ਨਵੰਬਰ ਨੂੰ ਭੂੰਗਾ, ਹਰਿਆਣਾ, ਭੀਖੋਵਾਲ, ਹੁਸ਼ਿਆਰਪੁਰ, ਚੱਬੇਵਾਲ, ਮਾਹਿਲਪੁਰ ਤੇ ਗੜ੍ਹਸ਼ੰਕਰ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਹੋਵੇਗਾ ਰਵਾਨਾ
-ਇਤਿਹਾਸ ‘ਚ ਪਹਿਲੀ ਵਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ ਚੰਡੀਗੜ੍ਹ ਤੋਂ ਬਾਹਰ- ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ
-ਦਸੂਹਾ ‘ਚ ਵਿਧਾਇਕ ਘੁੰਮਣ, ਗੜ੍ਹਦੀਵਾਲਾ ‘ਚ ਵਿਧਾਇਕ ਰਾਜਾ ਗਿੱਲ, ਮੁਕੇਰੀਆਂ ‘ਚ ਲੋਕ ਸਭਾ ਮੈਂਬਰ ਚੱਬੇਵਾਲ ਤੇ ਮੁਲਤਾਨੀ ਦੇ ਨਾਲ-ਨਾਲ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਕੀਤਾ ਨਗਰ ਕੀਰਤਨ ਦਾ ਸਵਾਗਤ
(Rajinder Kumar) ਹੁਸ਼ਿਆਰਪੁਰ (ਮੁਕੇਰੀਆਂ, ਦਸੂਹਾ, ਗੜ੍ਹਦੀਵਾਲਾ), 21 ਨਵੰਬਰ 2025: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਚਾਰ ਵਿਸ਼ਾਲ ਨਗਰ ਕੀਰਤਨਾਂ ਵਿੱਚੋਂ ਸ੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪਠਾਨਕੋਟ ਰਾਹੀਂ ਹੁੰਦਾ ਹੋਇਆ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮੁਕੇਰੀਆਂ ਵਿਚ ਦੁਪਹਿਰ ਨੂੰ ਪਹੁੰਚਿਆ। ਇਥੇ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਦੇ ਨਾਲ ਨਾਲ ਗਾਰਡ ਆਫ ਆਨਰ ਦੇ ਕੇ ਕੀਤਾ ਗਿਆ। ਇਹ ਨਗਰ ਕੀਰਤਨ ਦਸੂਹਾ ਤੇ ਗੜ੍ਹਦੀਵਾਲਾ ਹੁੰਦਾ ਹੋਇਆ ਰਾਤ ਦੇ ਪੜਾਅ ਲਈ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਪਹੁੰਚਿਆ। 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਵਿਖੇ ਨਗਰ ਕੀਰਤਨ ਨੂੰ ਦੁਬਾਰਾ ਗਾਰਡ ਆਫ ਆਨਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਹ ਭੂੰਗਾ ਹਰਿਆਣਾ ਹੁਸ਼ਿਆਰਪੁਰ ਚੱਬੇਵਾਲ ਮਾਹਿਲਪੁਰ ਅਤੇ ਗੜ ਸ਼ੰਕਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮੁਕੇਰੀਆਂ ਵਿੱਚ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਗੁਰੂ ਜੀ ਦੇ ਚਰਨਾਂ ਵਿਚ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਨਾਲ ਹਲਕਾ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਡਿਪਟੀ ਕਮਿਸ਼ਨ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ,ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਪੀ ਮੇਜਰ ਸਿੰਘ, ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਇੱਕ ਵਿਲੱਖਣ ਕੁਰਬਾਨੀ ਦਿੱਤੀ, ਤਾਂ ਜੋ ਦੁਨੀਆ ਲਈ ਇਕ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿਚ ਬਲਿਦਾਨ ਦਿੱਤਾ, ਜੋ ਕਿ ਦੁਨੀਆ ਦੇ ਇਤਿਹਾਸ ਵਿਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗਦਰਸ਼ਕ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਤੋਂ ਜਾਣੂ ਕਰਵਾਉਣਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਵਾਜ਼ ਬੁਲੰਦ ਕੀਤੀ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿੱਚ ਬਲਿਦਾਨ ਦਿੱਤਾ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਪੰਡਿਤ ਆਪਣੇ ਧਰਮ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਮਦਦ ਲਈ ਆਏ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਸ਼ਾਸਕਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ, ਗੁਰੂ ਜੀ ਨੇ ਜ਼ੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋਵੇਗਾ। ਇਹ ਵਿਸ਼ੇਸ਼ ਸੈਸ਼ਨ ਗੁਰੂ ਸਾਹਿਬ ਵੱਲੋਂ ਮਨੁੱਖਤਾ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਨੂੰ ਸਾਰੀ ਮਨੁੱਖਤਾ ਵੱਲੋਂ ਸ਼ਰਧਾਂਜਲੀ ਸੀ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਪੂਰੀ ਦੁਨੀਆ ਵਿੱਚ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਇਹ ਪਵਿੱਤਰ ਦਿਹਾੜਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਤੋਂ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ ਕਿ ਸੰਗਤ ਅਧਿਆਤਮਿਕਤਾ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦੇ ਵਿਲੱਖਣ ਮਿਸ਼ਰਣ ਦਾ ਅਨੁਭਵ ਕਰ ਸਕੇ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਦੱਸਿਆ ਕਿ 23, 24 ਅਤੇ 25 ਨਵੰਬਰ ਨੂੰ ਸ੍ਰੀ ਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। 23 ਨਵੰਬਰ ਨੂੰ ਇਕ ਸਰਬ ਧਰਮ ਸਮਾਗਮ ਆਯੋਜਿਤ ਕੀਤਾ ਜਾਵੇਗਾ ਅਤੇ ਤਿੰਨੋਂ ਦਿਨ ਸ਼ਾਮ ਨੂੰ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ। ਪੂਰਾ ਸ੍ਰੀ ਨੰਦਪੁਰ ਸਾਹਿਬ ਮਸ਼ਾਲਾਂ ਨਾਲ ਰੌਸ਼ਨ ਕੀਤਾ ਜਾਵੇਗਾ। ਤਿੰਨੋਂ ਦਿਨ ਡਰੋਨ ਸ਼ੋਅ ਵੀ ਹੋਣਗੇ। 25 ਨਵੰਬਰ ਨੂੰ ਸਾਰਿਆਂ ਦੀ ਭਲਾਈ ਲਈ ਇਕ ਇਕੱਠ ਹੋਵੇਗਾ। ਮੁਕੇਰੀਆਂ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸਾਡੇ ਜੀਵਨ ਕਾਲ ਵਿੱਚ ਆਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਜੀ ਦੀ ਸ਼ਹਾਦਤ ਦੇ ਇਸ ਮਹਾਨ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਟੁਕੜੀ ਨੇ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਵਾਸੀ ਨਗਰ ਕੀਰਤਨ ਦੇ ਸਵਾਗਤ ਲਈ ਉਤਸ਼ਾਹਿਤ ਸਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਨੂੰ ਲੈ ਕੇ ਜ਼ਿਲ੍ਹੇ ਦੇ ਲੋਕਾਂ ਵਿੱਚ ਉਤਸ਼ਾਹ ਹੈ।
ਇਸ ਮੌਕੇ ਪੰਜ ਪਿਆਰਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।
