ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ੍ਰੀ ਗੁਰੂ ਰਵਿਦਾਸ ਚੌਕ ਦੇ ਨਵੀਨੀਕਰਨ ਤੇ ਸੁੰਦਰੀਕਰਨ ਦਾ ਲਿਆ ਜਾਇਜ਼ਾ
– ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਤੇ ਸ਼ਰਧਾ ਦੇ ਮੱਦੇਨਜ਼ਰ ਕਰਵਾਇਆ ਚੌਕ ਦਾ ਸੁੰਦਰੀਕਰਨ
(Rajinder Kumar) ਜਲੰਧਰ, 29 ਜਨਵਰੀ 2026 : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਸ੍ਰੀ ਗੁਰੂ ਰਵਿਦਾਸ ਚੌਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਸੂਬਾ ਅਤੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੰਗਤਾਂ ਦੀ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਚੌਕ ਦੇ ਸੁੰਦਰੀਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜੋ ਲਗਭਗ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੁੰਦਰੀਕਰਨ ਨਾਲ ਚੌਕ ਦੀ ਖੂਬਸੂਰਤੀ ਵਿੱਚ ਵੱਡੇ ਪੱਧਰ ’ਤੇ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਚੌਕ ਸ਼ਹਿਰ ਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਭਾਰੀ ਖਿੱਚ ਦਾ ਕੇਂਦਰ ਹੋਵੇਗਾ।
ਸ਼੍ਰੀ ਭਗਤ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਉਣ ਲਈ ਕੀਤੇ ਗਏ ਐਲਾਨ ਲਈ ਧੰਨਵਾਦ ਕੀਤਾ।
