ਪੰਜਵੀਂ ਜਮਾਤ ਦੀ ਪ੍ਰੀਖਿਆ ਰਾਹੀਂ ਕਾਂਗਰਸ ਸਰਕਾਰ ਦਾ ਸਿਆਸੀ ਪ੍ਰਚਾਰ ਕਰਨ ਦੀ ਡੀਟੀਐਫ ਵੱਲੋਂ ਨਿਖੇਧੀ

0
ਸੰਗਰੂਰ, 13 ਸਤੰਬਰ, 2021 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦੋ-ਮਹੀਨਾ (ਬਾਈ ਮੰਥਲੀ) ਪ੍ਰੀਖਿਆਵਾਂ ਦੇ ਪਹਿਲੇ ਦਿਨ ਲਏ, ਨੈਸ਼ਨਲ ਅਚੀਵਮੈਂਟ ਸਰਵੇ ਅਧਾਰਿਤ ਪੰਜਵੀਂ ਜਮਾਤ ਦੇ ਪ੍ਰਸ਼ਨ ਪੱਤਰ ਵਿੱਚ ਕਾਂਗਰਸ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਹੂ-ਬੁ-ਹੂ ਇਸ਼ਤਿਹਾਰ ਛਾਪਣ ਅਤੇ ਸਿੱਖਿਆ ਵਿਭਾਗ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਿੱਧੇ ਤੌਰ ‘ਤੇ ਸਿਆਸੀ ਪ੍ਰਚਾਰ ਵਿੰਗ ਵਜੋਂ ਵਰਤੇ ਜਾਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖਤ ਨਿਖੇਧੀ ਕੀਤੀ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ,0ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਇਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀ ਪਾਰਟੀ ਲਈ ਸਿਆਸੀ ਲਾਭ ਪਹੁੰਚਾਉਣ ਦਾ ਇੱਕ ਹੋਰ ਯਤਨ ਕਰਾਰ ਦਿੰਦਿਆਂ, ਸਕੂਲ ਸਿੱਖਿਆ ਸਕੱਤਰ ਵਲੋਂ ਪਾਠਕ੍ਰਮ ਨੂੰ ਲਾਂਭੇ ਕਰਕੇ ਮਨਮਰਜੀ ਕਰਨ ਅਤੇ ਸੱਤਾਧਾਰੀ ਪਾਰਟੀ ਦੇ ਸਿਆਸੀ ਹਿੱਤ ਪੂਰਨ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਿਭਾਗ ਦੇ ਫੇਸਬੁੱਕ ਪੇਜ ਨੂੰ ਜਬਰੀ ਲਾਇਕ, ਕੁਮੈਂਟ ਅਤੇ ਸ਼ੇਅਰ ਕਰਨ ਅਤੇ ਹੋਰਾਂ ਤੋਂ ਕਰਵਾਉਣ ਦੇ ਹੁਕਮ ਚਾੜ੍ਹੇ ਗਏ ਗਏ ਸਨ।
ਦੂਜੇ ਪਾਸੇ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨੈਸ ਭਾਵ ਨੈਸ਼ਨਲ ਅਚੀਵਮੈਂਟ ਸਰਵੇ, ਜਿਸ ਤੋਂ ਕਿ ਸੂਬਿਆਂ ਦੀ ਸਿੱਖਿਆ ਦੇ ਪੱਧਰ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ, ਨੂੰ ਅਸਲ ਸਕੂਲੀ ਸਿੱਖਿਆ ਤੇ ਪਾਠਕ੍ਰਮ ਦੇ ਤੱਤ ਰੂਪ ਨੂੰ ਖੂਹ ਖਾਤੇ ਪਾ ਕੇ, ਗ਼ੈਰ ਸੰਵਿਧਾਨਕ ਢਾਂਚੇ ਰਾਹੀਂ ਕੇਵਲ ਝੂਠੇ ਅੰਕੜਿਆਂ ਦਾ ਜਾਲ ਬੁਣਿਆ ਜਾ ਰਿਹਾ ਹੈ। ਜਦਕਿ ਬੱਚਿਆਂ ਦੀ ਡੇਢ ਸਾਲ ਦੀ ਪੜ੍ਹਾਈ ਪਹਿਲਾਂ ਹੀ ਲੰਬਾ ਸਮਾਂ ਸਕੂਲ ਬੰਦ ਰਹਿਣ ਕਾਰਨ ਬਹੁਤ ਪਛੜ ਚੁੱਕੀ ਹੈ।
ਇਸ ਸਰਵੇ ਦੀ ਤਿਆਰੀ ਲਈ ਸਕੂਲ ਸਮੇ ਤੋਂ ਬਾਅਦ, ਛੁੱਟੀ ਵਾਲੇ ਦਿਨ ਅਤੇ ਰਾਤਾਂ ਤੱਕ ਜ਼ੂਮ ਮੀਟਿੰਗਾਂ, ਆਨਲਾਈਨ ਪੇਪਰ ਅਤੇ ਫਿਜ਼ੀਕਲ ਮੀਟਿੰਗਾਂ ਰਾਹੀਂ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਬੁਰੀ ਤਰ੍ਹਾਂ ਕਚੂਮਰ ਕੱਢਿਆ ਹੋਇਆ ਹੈ। ਅੰਕੜਿਆਂ ਦੀ ਦੌੜ ਵਿੱਚ ਅੱਗੇ ਲੰਘਣ ਅਤੇ ਪੰਜਾਬ ਸਰਕਾਰ ਦਾ ਅਧਿਆਪਕਾਂ, ਬੇਰੁਜ਼ਗਾਰਾਂ ਅਤੇ ਹੋਰ ਹਿੱਸਿਆਂ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਢਕਣ ਲਈ ਅਫਸਰਸ਼ਾਹੀ ਵਲੋਂ ਵਿਦਿਆਰਥੀਆਂ ਦੇ ਪ੍ਰਸ਼ਨ ਪੱਤਰ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾ ਰਿਹਾ। ਜੋ ਕਿ ਸਪੱਸ਼ਟ ਰੂਪ ਵਿੱਚ ਅਗਾਮੀ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀਆਂ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਹੈ।
ਇਸ ਮੌਕੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਜਸਵਿੰਦਰ ਅੌਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ,ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਹਾਜ਼ਰ ਰਹੇ।

About The Author

Leave a Reply

Your email address will not be published. Required fields are marked *

You may have missed