ਏ.ਡੀ.ਸੀ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਚੱਲ ਰਹੀਆਂ ਗਤੀਵਿਧੀਆਂ ਬਾਰੇ ਸਮੀਖਿਆ ਮੀਟਿੰਗ

0
ਮਾਨਸਾ, 21 ਸਤੰਬਰ 2021 : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਮਾਸਿਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਉਪਕਾਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਸੁਥਰੀ ਹਵਾ, ਪੀਣ ਲਈ ਸਾਫ਼ ਪਾਣੀ, ਮਿਆਰੀ ਭੋਜਨ ਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਸਨਅਤਾਂ ਦਾ ਅਚਨਚੇਤ ਨਿਰੀਖਣ ਕਰਨ ਦੀ ਪ੍ਰਕਿਰਿਆ ਨੂੰ ਜਾਰੀ ਰੱਖਿਆ ਜਾਵੇ ਅਤੇ ਜੋ ਵੀ ਸਨਅਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦੀ ਪਾਈ ਜਾਂਦੀ ਹੈ ਉਸ ਵਿਰੁਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਲਾਸਟਿਕ ਰਾਹੀਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਲਈ ਸਮੂਹ ਨਗਰ ਕੌਂਂਸਲਾਂ ਦੇ ਅਧਿਕਾਰੀ ਲਗਾਤਾਰ ਚੌਕਸੀ ਰੱਖਣਗੇ ਅਤੇ ਨਿਯਮਤ ਚੈਕਿੰਗ ਨੂੰ ਯਕੀਨੀ ਬਣਾਉਂਦੇ ਹੋਏ ਚਲਾਨ ਕੱਟਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਆਵਾਜ਼ੀ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਹਨਾਂ ’ਤੇ ਲਗਾਏ ਜਾਣ ਵਾਲੇ ਪ੍ਰੈਸ਼ਰ ਹਾਰਨਾਂ ਦੀ ਰੋਕਥਾਮ ਮੈਰਿਜ ਪੈਲੇਸਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਢੁਕਵੇਂ ਕਦਮ ਪੁੱਟਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਵੀ ਢੰਗ ਨਾਲ ਪ੍ਰਦੁਸ਼ਣ ਪੈਦਾ ਕਰਨ ਵਾਲਿਆਂ ’ਤੇ ਸਖ਼ਤੀ ਸਮੇਂ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਸਬੰਧਤ ਵਿਭਾਗ ਮਿਸ਼ਨ ਦੀ ਸਫ਼ਲਤਾ ਲਈ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।
ਏ.ਡੀ.ਸੀ ਨੇ ਸੁਰੱਖਿਅਤ ਭੋਜਨ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿਛਲੇ ਮਹੀਨੇ ਦੌਰਾਨ ਕੀਤੀਆਂ ਗਈਆਂ ਚੈਕਿੰਗਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਅਗਸਤ ਦੌਰਾਨ 12 ਦੁਕਾਨਾਂ ਦੀ ਜਾਂਚ ਕਰਕੇ ਦੁੱਧ, ਪਨੀਰ, ਘਿਓ ਆਦਿ ਦੇ 28 ਨਮੂਨੇ ਭਰੇ ਗਏ ਜਿਨ੍ਹਾਂ ਵਿੱਚੋਂ 5 ਪਾਸ ਹੋਏ ਅਤੇ ਬਾਕੀ ਦੀ ਰਿਪੋਰਟ ਆਉਣੀ ਬਾਕੀ ਹੈ। ਇਸੇ ਤਰ੍ਹਾਂ ਅਧਿਕਾਰੀਆਂ ਨੇ ਦੱਸਿਆ ਕਿ ਟੀਮਾਂ ਵੱਲੋਂ 20 ਕੈਮਿਸਟ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ। ਡਰੱਗ ਤੇ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਦੇ ਦੋ ਮਾਮਲਿਆਂ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਸ. ਉਪਕਾਰ ਸਿੰਘ ਨੇ ਤੰਦਰੁਸਤ ਮਿਸ਼ਨ ਤਹਿਤ ਸਿਹਤ ਤੇ ਪਰਿਵਾਰ ਭਲਾਈ, ਵਣ ਵਿਭਾਗ, ਖੇਤੀਬਾੜੀ ਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਲਈ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ ਵਿਭਾਗੀ ਪੱਧਰ ’ਤੇ ਲਾਗੂ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਨਾਲ ਨਾਲ ਯੋਜਨਾਵਾਂ ਬਾਰੇ ਲੋਕਾਂ ਨੂੰ ਨਾਲੋ ਨਾਲ ਜਾਣਕਾਰੀ ਹਾਸਲ ਹੁੰਦੀ ਰਹੇ।
ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!