ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਹਨ ਪਿੰਡ ਪੱਧਰੀ ਕੈਂਪ : ਡਿਪਟੀ ਕਮਿਸ਼ਨਰ
ਫਾਜ਼ਿਲਕਾ, 24 ਸਤੰਬਰ 2021 : ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸੀ.ਆਰ.ਐਮ. ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਅੰਦਰ 56 ਪਿੰਡ ਪੱਧਰੀ ਕੈਂਪ ਲਗਾਏ ਜਾਣਗੇ ਅਤੇ ਇਕ ਕੈਂਪ ਵਿੱਚ 4 ਤੋਂ 5 ਪਿੰਡਾਂ ਦੇ ਕਿਸਾਨ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 15 ਪਿੰਡ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸੰਭਾਲ ਲਈ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਚੌਪਰ ਅਤੇ ਐਮ.ਬੀ. ਪਲਾਓ. ਆਦਿ ਸੰਦਾਂ ਦੀ ਵਰਤੋਂ ਕਰਨ ਤੋਂ ਇਲਾਵਾ ਹੋਰ ਨਵੀਂ ਮਸ਼ੀਨਰੀ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਕਾਫੀ ਜ਼ਿਆਦਾ ਨੁਕਸਾਨ ਹੰੁਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਮਨੁੱਖਾਂ ਅਤੇ ਜਾਨਵਰਾਂ ਦੀ ਸਿਹਤ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਖੇਤੀਬਾੜੀ ਵਿਭਾਗ ਵੱਲੋਂ 8 ਬਲਾਕ ਪੱਧਰੀ ਕੈਂਪਾਂ ਦਾ ਵੀ ਆਯੋਜਨ ਕੀਤਾ ਜਾਵੇਗਾ ਅਤੇ ਇਨ੍ਹਾਂ ਬਾਰੇ ਕਿਸਾਨਾਂ ਨੂੰ ਪਹਿਲਾਂ ਦੱਸਿਆ ਜਾਵੇਗਾ। ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਹਾਜ਼ਰ ਹੋ ਕੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।