ਹਰੇਕ ਲਾਭਪਾਤਰੀ ਨੂੰ ਪ੍ਰਤੀ ਮਹੀਨਾ ਮਿਲਦੀ ਹੈ 1500 ਰੁਪਏ ਦੀ ਪੈਨਸ਼ਨ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਫਾਜ਼ਿਲਕਾ, 25 ਸਤੰਬਰ 2021 : ਪੰਜਾਬ ਸਰਕਾਰ ਵੱਲੋਂ ਮਹੀਨਾ ਅਗਸਤ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 17 ਕਰੋੜ 17 ਲੱਖ 86 ਹਜ਼ਾਰ ਰੁਪਏ ਭੇਜ ਦਿੱਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ, ਦਿਵਿਆਂਗਜਨਾਂ ਨੂੰ ਪੈਨਸ਼ਨ, ਵਿਧਿਵਾਵਾਂ ਨੂੰ ਪੈਨਸ਼ਨ ਅਤੇ ਆਸ਼ਰਿਤ ਬੱਚਿਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਸਮੇਂ ਸਰਕਾਰ ਵਲੋਂ ਪ੍ਰਤੀ ਮਹੀਨਾ 1500 ਰੁਪਏ ਦੀ ਪੈਨਸ਼ਨ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰੋਂ ਸ਼੍ਰੇਣੀਆਂ ਦੇ ਜ਼ਿਲ੍ਹੇ ਵਿੱਚ ਕੁੱਲ 1 ਲੱਖ 14 ਹਜ਼ਾਰ 524 ਲਾਭਪਾਤਰੀ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਨਵੀਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 78 ਹਜ਼ਾਰ 85 ਲਾਭਪਾਤਰੀਆਂ ਨੂੰ ਹਰ ਮਹੀਨੇ ਬੁਢਾਪਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਨ੍ਹਾਂ ਨੂੰ ਹਰ ਮਹੀਨੇ 11 ਕਰੋੜ 71 ਲੱਖ 27 ਹਜ਼ਾਰ 500 ਰੁਪਏ ਦੀ ਪੈਨਸ਼ਨ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ 11071 ਦਿਵਿਆਂਗਜਨਾਂ ਨੂੰ 1 ਕਰੋੜ 66 ਲੱਖ 6 ਹਜ਼ਾਰ 500 ਰੁਪਏ ਦੀ ਮਹੀਨਾਵਾਰ ਪੈਨਸ਼ਨ ਮਿਲਦੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ 17 ਹਜ਼ਾਰ 694 ਵਿਧਿਵਾਵਾਂ ਨੂੰ 2 ਕਰੋੜ 65 ਲੱਖ 41 ਹਜ਼ਾਰ ਰੁਪਏ ਦੀ ਪੈਨਸ਼ਨ ਹਰ ਮਹੀਨੇ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ 7674 ਆਸ਼ਰਿਤ ਬੱਚਿਆਂ ਨੂੰ ਹਰ ਮਹੀਨੇ 1 ਕਰੋੜ 15 ਲੱਖ 11 ਹਜ਼ਾਰ ਰੁਪਏ ਦੀ ਪੈਨਸ਼ਨ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।