ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 07 ਅਕਤੂਬਰ 2021 : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 19 ਹਜ਼ਾਰ 594 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 18,329 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 8224 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 3975 ਮੀਟ੍ਰਿਕ ਟਨ, ਪਨਸਪ ਵੱਲੋਂ 4232 ਮੀਟ੍ਰਿਕ ਟਨ ਤੇ ਵੇਅਰ ਹਾਊਸ ਵੱਲੋਂ 1898 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਸ਼੍ਰੀਮਤੀ ਮਲਿਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲੈ ਕੇ ਆਉਣ ਤਾਂ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖਰੀਦੇ ਗਏ ਝੋਨੇ ਦੀ ਨਾਲੋ ਨਾਲ ਲਿਫਟਿੰਗ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਅੰਬਾਰ ਨਾ ਲੱਗਣ।
ਸ੍ਰੀਮਤੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਸਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਅਤੇ ਆਡ਼੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।