ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜਰੀ ਯਕੀਨੀ ਬਣਾਈ ਜਾਵੇ : ਡਾ. ਸੰਜੀਵ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ 2021 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕ੍ਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਅਪਣੇ ਰੋਜ਼ਮੱਰਾ ਦੇ ਕੰਮਾਂ ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਡਾ: ਸੰਜੀਵ ਕੁਮਾਰ ਨੇ ਤਹਿਸੀਲ ਦਫ਼ਤਰ ਫ਼ਤਹਿਗੜ੍ਹ ਸਾਹਿਬ ਤੇ ਜਿ਼ਲ੍ਹਾ ਭਾਸ਼ਾ ਦਫ਼ਤਰ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਮੇਂ ਸਿਰ ਆਪਣੀ ਡਿਊਟੀ ’ਤੇ ਨਾ ਪੁੱਜਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਅਣਗਹਿਲੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਰਨਣਯੋਗ ਹੈ ਕਿ ਐਸ.ਡੀ.ਐਮ. ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਵਿੱਚ ਤਹਿਸੀਲ ਦਫ਼ਤਰ ਤੇ ਜਿ਼ਲ੍ਹਾ ਭਾਸ਼ਾ ਦਫ਼ਤਰ ਦੇ ਅਧਿਕਾਰੀ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਪਾਈ ਗਈ ਜਿਸ ਦੀ ਡਾ. ਸੰਜੀਵ ਨੇ ਸ਼ਲਾਘਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਕੰਮਾਂਕਾਰਾਂ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਕੰਮ ਤੈਅ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਵਿੱਚ ਵਿਖਾਈ ਗਈ ਅਣਗਿਹਲੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਗੁਰਜਿੰਦਰ ਸਿੰਘ ਵੀ ਮੌਜੂਦ ਸਨ।