ਓ.ਪੀ.ਸੋਨੀ ਨੇ ਕਿਸਾਨੀ ਅੰਦੋਲਨ ਦੇ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਸੌਂਪਿਆ ਨਿਯੁਕਤੀ ਪੱਤਰ

0

ਜਲੰਧਰ, 19 ਅਕਤੂਬਰ 2021 :  ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਹ ਅੱਜ ਸਰਕਟ ਹਾਊਸ ਜਲੰਧਰ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਜਿਥੇ ਉਪ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਜਲੰਧਰ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਦਿੱਤਾ ਗਿਆ ਉਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।

ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਹਲਕਾ ਵਿਧਾਇਕ ਸ੍ਰੀ ਅਵਤਾਰ ਸਿੰਘ ਜੂਨੀਅਰ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਲਜੀਤ ਸਿੰਘ ਆਹਲੂਵਾਲੀਆ ਵੀ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵਲੋਂ ਦੋ ਕਿਲੋਵਾਟ ਤੱਕ ਦੇ ਲੋੜਵੰਦ ਬਿਜਲੀ ਉਪਭੋਗਤਾਵਾਂ ਦੇ ਬਕਾਇਆ ਬਿੱਲ ਮੁਆਫ਼ ਕੀਤੇ ਗਏ ਹਨ ਅਤੇ ਹੁਣ ਪਾਣੀ ਦੇ ਬਿੱਲ ਵੀ ਮੁਆਫ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਹਨ।

ਇਸ ਦੌਰਾਨ ਸ੍ਰੀ ਸੋਨੀ ਨੇ ਕਿਸਾਨੀ ਅੰਦੋਲਨ ਦੇ ਮ੍ਰਿਤਕ ਜਲੰਧਰ ਜ਼ਿਲ੍ਹੇ ਦੇ ਪਿੰਡ ਬੋਲੀਨਾ ਦੇ ਕਿਸਾਨ ਸ੍ਰੀ ਭੁਪਿੰਦਰ ਸਿੰਘ (ਉਮਰ 52 ਸਾਲ) ਦੇ ਬੇਟੇ ਸ੍ਰੀ ਹਰਦੀਪ ਸਿੰਘ (22 ਸਾਲ) ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਸੌਂਪਿਆ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਦਾ ਲੱਕ ਤੋੜਨ ਲਈ ਲਾਗੂ ਕੀਤੇ ਜਾ ਰਹੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਕਿਸਾਨੀ ਅੰਦੋਲਨ ਦੇ ਨਾਲ ਖੜ੍ਹੀ ਹੈ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਕਰਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਗਮੋਹਨ ਸਿੰਘ, ਐਸ.ਡੀ.ਐਮ. ਜਲੰਧਰ-1 ਸ੍ਰੀ ਹਰਪ੍ਰੀਤ ਸਿੰਘ ਅਟਵਾਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਅਹਿਮ ਸ਼ਖਸੀਅਤਾਂ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!