ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 90 ਫੀਸਦੀ ਯੋਗ ਪਰਿਵਾਰਾਂ ਨੂੰ ਕਵਰ ਕਰ ਕੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ੁਮਾਰ ਹੋਇਆ ਜ਼ਿਲ੍ਹਾ ਜਲੰਧਰ
ਜਲੰਧਰ, 27 ਅਕਤੂਬਰ 2021 : ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 90 ਫੀਸਦੀ ਯੋਗ ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਜ਼ਿਲ੍ਹਾ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ੁਮਾਰ ਹੋ ਗਿਆ ਹੈ।
ਇਹ ਜਾਣਕਾਰੀ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਲੰਧਰ ਵੱਲੋਂ ਕੁੱਲ 288604 ਯੋਗ ਪਰਿਵਾਰਾਂ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 259994 ਯੋਗ ਪਰਿਵਾਰ (90 ਫੀਸਦੀ) ਕਵਰ ਕਰ ਲਏ ਗਏ ਹਨ।ਉਨ੍ਹਾਂ ਸਬੰਧਤ ਅਧਿਕਾਰੀਆਂ ਦੇ ਯਤਨਾਂ ਦੀ ਜਿਥੇ ਸ਼ਲਾਘਾ ਕੀਤੀ ਉਥੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਜਲਦੀ ਕਵਰ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮਹੀਨਾਵਾਰ ਮੀਟਿੰਗ ਕਰਦਿਆਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੀਕਾਕਾਰਨ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹੁਣ ਤੱਕ ਕੋਵਿਡ ਵੈਕਸੀਨ ਦੀ 14,22,530 ਪਹਿਲੀ ਅਤੇ 6,63,188 ਦੂਜੀ ਖੁਰਾਕ ਸਮੇਤ ਕਰੀਬ 20 ਲੱਖ 86 ਹਜ਼ਾਰ ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਹੁਣ ਤੱਕ 18,737 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਸ਼੍ਰੀ ਥੋਰੀ ਨੇ ਜਲੰਧਰ ਵਿੱਚ ਡੇਂਗੂ ਦੇ ਕੇਸਾਂ ਨੂੰ ਲੈ ਕੇ ਸੰਵੇਦਨਸ਼ੀਲ ਥਾਵਾਂ ‘ਤੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ, ਇਸ ਦੇ ਲੱਛਣਾਂ ਅਤੇ ਆਪਣੇ ਇਲਾਕੇ ਨੂੰ ਡੇਂਗੂ ਮੁਕਤ ਰੱਖਣ ਲਈ ਅਪਣਾਏ ਜਾਣ ਵਾਲੇ ਉਪਾਵਾਂ ਬਾਰੇ ਜਾਗਰੂਕ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ।
ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ਼੍ਰੀ ਥੋਰੀ ਕਿਹਾ ਕਿ ਜਲੰਧਰ ਵੱਲੋਂ ਨਿਰਧਾਰਤ ਸਮਾਂ-ਸੀਮਾ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲ ਕਰਕੇ ਸਭ ਤੋਂ ਘੱਟ ਪੈਂਡੈਂਸੀ ਨੂੰ ਯਕੀਨੀ ਬਣਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ, ਜਿਸ ਨੂੰ ਬਰਕਾਰ ਰੱਖਿਆ ਜਾਵੇ। ਉਨ੍ਹਾਂ ਜਮ੍ਹਾਂਬੰਦੀ ਨਾਲ ਸਬੰਧਤ ਕੰਮਾਂ ਵਿੱਚ ਵੀ ਤੇਜ਼ੀ ਲ਼ਿਆਉਣ ਦੀਆਂ ਹਦਾਇਤਾਂ ਦਿੱਤੀਆਂ।
ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਸਮਾਰਟ ਵਿਲੇਜ ਕੰਪੇਨ ਫੇਜ਼ 1 ਅਤੇ ਫੇਜ਼ 2 ਤਹਿਤ ਕਰਵਾਏ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਾਉਣ ਦੇ ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ ਉਨ੍ਹਾਂ 5-5 ਮਰਲਾ ਪਲਾਟ, ਜਲ ਜੀਵਨ ਮਿਸ਼ਨ, ਘਰ-ਘਰ ਰੋਜ਼ਗਾਰ ਮਿਸ਼ਨ, ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਪ੍ਰੋਗਰਾਮ ਸਮੇਤ ਹੋਰ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਅਤੇ ਸਬ ਡਵੀਜ਼ਨ ਪੱਧਰ ‘ਤੇ ਲੱਗਣ ਵਾਲੇ ਸੁਵਿਧਾ ਕੈਂਪਾਂ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੈਂਪਾਂ ਵਿੱਚ ਪਹੁੰਚਣ ਵਾਲੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ।
ਉਨ੍ਹਾਂ ਅੱਗੇ ਦੱਸਿਆ ਕਿ ਸਬ ਡਵੀਜ਼ਨ ਜਲੰਧਰ -1 ਅਤੇ ਜਲੰਧਰ -2 ਦਾ ਸਾਂਝਾ ਕੈਂਪ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫ਼ਤਰ) ਵਿੱਚ ਲਗਾਇਆ ਜਾਵੇਗਾ। ਜਦਕਿ ਸਬ ਡਵੀਜ਼ਨ ਨਕੋਦਰ ਵਿਖੇ ਗੁਰੂ ਨਾਨਕ ਨੈਸ਼ਨਲ ਕਾਲਜ, ਨੇੜੇ ਕਮਲ ਪੈਲੇਸ, ਸਬ ਡਵੀਜ਼ਨ ਸ਼ਾਹਕੋਟ ਵਿਖੇ ਬਲਕਾਰ ਪੈਲੇਸ, ਨੇੜੇ ਏਪੀਐਸ ਨਰਸਿੰਗ ਕਾਲਜ ਮੋਗਾ ਰੋਡ, ਮਲਸੀਆਂ ਅਤੇ ਸਬ ਡਵੀਜ਼ਨ ਫਿਲੌਰ ਵਿਖੇ ਸਤਲੁਜ ਕਲੱਬ ਵਿਖੇ ਸੁਵਿਧਾ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਲਾਭ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਪੂਨਮ ਸਿੰਘ, ਐਸ.ਡੀ.ਐਮ. ਲਾਲ ਵਿਸ਼ਵਾਸ, ਐਸ.ਡੀ.ਐਮ. ਅਮਰਜੀਤ ਸਿੰਘ ਮੱਲੀ, ਸਿਵਲ ਸਰਜਨ ਰਣਜੀਤ ਸਿੰਘ, ਡੀ.ਡੀ.ਪੀ.ਓ. ਇਕਬਾਲੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।