7.11 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ, ਕਿਸਾਨਾਂ ਨੂੰ 1101.05 ਕਰੋੜ ਦੀ ਕੀਤੀ ਜਾ ਚੁੱਕੀ ਅਦਾਇਗੀ : ਡਿਪਟੀ ਕਮਿਸ਼ਨਰ
ਲੁਧਿਆਣਾ, 28 ਅਕਤੂਬਰ 2021 : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ ਜਿਸਦੇ ਤਹਿਤ ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਵਿੱਚੋਂ 688395 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜੋ ਕਿ ਫਸਲ ਦੀ ਆਮਦ ਦਾ ਲਗਭਗ 40 ਫੀਸਦ ਹੈ।
ਅੱਜ ਆਪਣੇ ਸਥਾਨਕ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17.53 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਦੇ ਮੁਕਾਬਲੇ ਅਨਾਜ ਦੀ ਆਮਦ 711500 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 711500 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 688395 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 1101.05 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 89 ਫੀਸਦ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
ਸ੍ਰੀ ਸ਼ਰਮਾ ਨੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਕਿਹਾ ਕਿ ਹੁਣ ਜਦੋਂ ਅਨਾਜ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ ਤਾਂ ਖਰੀਦ ਕੀਤੇ ਗਏ ਅਨਾਜ ਦੀ ਜਲਦ ਤੋਂ ਜਲਦ ਚੁਕਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਏਜੰਸੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਨਾਜ ਮੰਡੀ ਵਿੱਚੋਂ ਚੁੱਕਿਆ ਗਿਆ ਅਨਾਜ ਮੰਡੀ ਵਿੱਚ ਆਉਂਦੇ ਸਾਰ ਹੀ ਉਸ ਦਾ ਕੋਟਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਨਮੀ ਰਹਿਤ ਅਨਾਜ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਇਸ ਮੌਕੇ ਡੀ.ਐਫ.ਐਸ.ਸੀ. ਹਰਵੀਨ ਕੌਰ, ਸੁਰਿੰਦਰ ਕੁਮਾਰ ਬੇਰੀ, ਡੀ.ਐਮ. ਪਨਸਪ ਜਗਨਦੀਪ ਢਿੱਲੋਂ, ਡੀ.ਐਮ. ਵੇਅਰਹਾਊਸ ਐਮ.ਪੀ. ਸਿੰਘ, ਡਿਪਟੀ ਡੀ.ਐਮ.ਓ ਬੀਰਇੰਦਰ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।