ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

0

ਚੰਡੀਗੜ੍ਹ, 01 ਨਵੰਬਰ 2021 :  ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (ਪੀ.ਐੱਸ.ਡਬਲਿਊ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਲੰਮਾ ਪ੍ਰਸ਼ਾਸਕੀ ਤਜਰਬਾ ਸ੍ਰੀ ਵੈਦ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਆਪਣੇ ਫਰਜ਼ਾਂ ਨੂੰ ਹੋਰ ਵੀ ਤਨਦੇਹੀ ਅਤੇ ਕੁਸ਼ਲਤਾ ਨਾਲ ਨਿਭਾਉਣ ਵਿੱਚ ਮਦਦ ਕਰੇਗਾ। ਸ੍ਰੀ ਵੈਦ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਲਈ ਵਧਾਈ ਦਿੰਦਿਆਂ ਸ. ਚੰਨੀ ਨੇ ਉਨ੍ਹਾਂ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ।

ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਚੰਨੀ ਦਾ ਧੰਨਵਾਦ ਕਰਦਿਆਂ ਸ੍ਰੀ ਵੈਦ ਨੇ ਕਿਹਾ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਨਾਲ ਇਸ ਸੰਸਥਾ ਦੀ ਸੇਵਾ ਕਰਨਗੇ ਤਾਂ ਜੋ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ੍ਰੀ ਵੈਦ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

About The Author

Leave a Reply

Your email address will not be published. Required fields are marked *