ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ
ਚੰਡੀਗੜ੍ਹ, 01 ਨਵੰਬਰ 2021 : ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ ਜੋ 1 ਜੁਲਾਈ, 2021 ਤੋਂ ਲਾਗੂ ਹੋਵੇਗਾ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹਨਾਂ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਸਬੰਧੀ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਫੈਸਲੇ ਰਾਹੀਂ ਵਧੇ ਹੋਏ ਮਹਿੰਗਾਈ ਭੱਤੇ ਨਾਲ ਸੂਬਾ ਸਰਕਾਰ ‘ਤੇ 440 ਕਰੋੜ ਰੁਪਏ ਦਾ ਮਹੀਨਾਵਾਰ ਵਾਧੂ ਬੋਝ ਪਵੇਗਾ। ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੇ ਬਹੁਤੇ ਮਸਲਿਆਂ ਨੂੰ ਤਸੱਲੀਬਖਸ਼ ਹੱਲ ਕਰ ਲਿਆ ਹੈ ਅਤੇ ਨਤੀਜੇ ਵਜੋਂ ਉਨ੍ਹਾਂ ਨੇ ਆਪਣੀ ਹੜਤਾਲ ਵਾਪਸ ਲੈ ਕੇ ਤੁਰੰਤ ਪ੍ਰਭਾਵ ਨਾਲ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਨੇ ਐਲਾਨ ਕੀਤਾ ਕਿ ਜਿਹੜੇ ਮੁਲਾਜ਼ਮ ਇਕ ਜਨਵਰੀ, 2016 ਤੋਂ ਬਾਅਦ ਭਰਤੀ ਹੋਏ ਹਨ, ਉਨ੍ਹਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਸੋਧੀ ਹੋਈ ਤਨਖਾਹ ਵਿਚ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ। ਹਾਲਾਂਕਿ, ਸੋਧੀ ਹੋਈ ਤਨਖਾਹ ਨਿਰਧਾਰਤ ਕਰਨ ਮੌਕੇ ਜੂਨੀਅਰ ਕਰਮਚਾਰੀ ਦੀ ਤਨਖਾਹ ਉਸ ਦੇ ਸੀਨੀਅਰ ਨਾਲੋਂ ਵੱਧ ਤੈਅ ਨਹੀਂ ਹੋਵੇਗੀ।
ਸ. ਚੰਨੀ ਨੇ ਅੱਗੇ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਅੰਦੋਲਨ ਦਾ ਰਾਹ ਨਹੀਂ ਅਪਣਾਉਣਗੇ ਸਗੋਂ ਉਨ੍ਹਾਂ ਦੇ ਮਸਲੇ/ਮੰਗਾਂ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਵਾਉਣਗੇ। ਐਸ.ਬੀ.ਐਸ.ਨਗਰ ਵਿਖੇ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਅਤੇ ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਸਥਾਪਤ ਕਰਨ ਲਈ ਆਰਡੀਨੈਂਸਾਂ ਨੂੰ ਬਿੱਲਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ।
ਆਰਡੀਨੈਂਸਾਂ ਨੂੰ ਬਿੱਲਾਂ ਵਿੱਚ ਤਬਦੀਲ ਕਰਕੇ ਪੰਜਾਬ ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਰੇਲਮਾਜਰਾ, ਬਲਾਚੌਰ, ਐਸ.ਬੀ.ਐਸ.ਨਗਰ ਵਿਖੇ ਲਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਪੰਜਾਬ ਅਤੇ ਆਈ.ਟੀ.ਸਿਟੀ, ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਰਾਹ ਪੱਧਰਾ ਕੀਤਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਬਿੱਲਾਂ ਨੂੰ ਮਨਜ਼ੂਰੀ ਲਈ ਇਨ੍ਹਾਂ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।