ਪੂਨਮਦੀਪ ਕੌਰ ਨੇ ਫ਼ਤਹਿਗੜ੍ਹ ਸਾਹਿਬ ਦੇ ਡੀ.ਸੀ. ਦਾ ਆਹੁਦਾ ਸੰਭਾਲਿਆ
ਫ਼ਤਹਿਗ੍ੜ੍ਹ ਸਾਹਿਬ, 02 ਨਵੰਬਰ 2021 : ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ ਅਤੇ ਇਸ ਕੰਮ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿ਼ਲ੍ਹੇ ਵਿੱਚ ਜੋ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਨ੍ਹਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਧਰਤੀ ’ਤੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣ ਨੂੰ ਉਹ ਇੱਕ ਚੁਣੋਤੀ ਦੀ ਤਰ੍ਹਾਂ ਲੈਣਗੇ ਅਤੇ ਵਿਕਾਸ ਕਾਰਜਾਂ ਦੇ ਮਿਆਰ ਦੀ ਗੁਣਵੱਤਾ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਰਨਣਯੋਗ ਹੈ ਕਿ ਸ਼੍ਰੀਮਤੀ ਪੂਨਮਦੀਪ ਕੌਰ ਨੇ 2001 ਵਿੱਚ ਪੀ.ਸੀ.ਐਸ.ਵਜੋਂ ਸਰਵਿਸ ਸ਼ੁਰੂ ਕਰਨ ਦੇ ਪਹਿਲੇ ਪੰਜ ਸਾਲ ਉਨ੍ਹਾਂ ਪਟਿਆਲਾ ਵਿਖੇ ਵੱਖ-ਵੱਖ ਆਹੁਦਿਆਂ ’ਤੇ ਸੇਵਾਵਾਂ ਨਿਭਾਈਆਂ। ਉਹ ਪਟਿਆਲਾ ਵਿਖੇ ਬਤੌਰ ਸਹਾਇਕ ਕਮਿਸ਼ਨਰ (ਜ), ਜਿ਼ਲ੍ਹਾ ਟਰਾਂਸਪੋਰਟ ਅਫਸਰ, ਤੇ ਐਸ.ਡੀ.ਐਮ. ਵਜੋਂ ਸੇਵਾਵਾਂ ਨਿਭਾਈਆਂ ਅਤੇ ਇਸ ਉਪਰੰਤ ਉਹ ਐਸ.ਡੀ.ਐਮ. ਬਸੀ ਪਠਾਣਾ ਤੇ ਅਮਲੋਹ, ਬਤੌਰ ਵਧੀਕ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਸੰਗਰੂਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਟਿਅਆਲਾ ਅਤੇ ਪਿਛਲੇ ਦੋ ਸਾਲ ਤੋਂ ਉਹ ਕਮਿਸ਼ਨਰ ਨਗਰ ਨਿਗਮ ਪਟਿਆਲਾ ਵਜੋਂ ਸੇਵਾਵਾਂ ਨਿਭਾਂ ਰਹੇ ਸਨ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਹੁਣ ਬਤੌਰ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੇਵਾਵਾਂ ਨਿਭਾਉਣ ਦਾ ਮੌਕਾ ਪ੍ਰਦਾਨ ਕੀਤਾ ਹੈ।