ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਸਰਲ ਬਣਾਈ ਜਾਵੇ- ਮੁੱਖ ਮੰਤਰੀ ਵੱਲੋਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ
ਡੇਰਾ ਬਾਬਾ ਨਾਨਕ (ਗੁਰਦਾਸਪੁਰ), 18 ਨਵੰਬਰ 2021 : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਲਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਅਪੀਲ ਕੀਤੀ ਹੈ।
ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਤੋਂ ਬਾਅਦ ਲਾਂਘੇ ਦਾ ਖੁੱਲ੍ਹਣਾ ਬਹੁਤ ਹੀ ਇਤਿਹਾਸਿਕ ਮੌਕਾ ਹੈ। ਹਾਲਾਂਕਿ, ਓਹਨਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਕੌਮੀ ਸਰਕਾਰਾਂ ਨੂੰ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਪ੍ਰਵਾਨਗੀ ਹਾਸਲ ਕਰਨ ਦੀ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਠੋਸ ਯਤਨ ਕਰਨੇ ਚਾਹੀਦੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਦਮ ਸੰਗਤ ਨੂੰ ਇਹ ਪਾਵਨ ਅਸਥਾਨ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਹੂਲਤ ਪ੍ਰਦਾਨ ਕਰਨ ਲਈ ਸਹਾਈ ਹੋਵੇਗਾ ਜਿਸ ਨਾਲ ਲੋਕਾਂ ਸਮਾਂ, ਪੈਸਾ ਅਤੇ ਊਰਜਾ ਬਚੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਦੇ ਯੋਗ ਬਣਾਉਣ ਲਈ ਜਲਦ ਹੀ ਸੂਬੇ ਭਰ ਤੋਂ ਮੁਫ਼ਤ ਬੱਸਾਂ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਗਿਆ ਲੈਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲਾਂਘੇ ਤੱਕ ਚੱਲਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਪੰਜਾਬ ਦੀਆਂ ਸਰਹੱਦਾਂ ਤੋਂ ਵਪਾਰ ਸ਼ੁਰੂ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਦੋਵੇਂ ਕੌਮੀ ਸਰਕਾਰਾਂ ਨੂੰ ਇਸ ਜ਼ਰੀਏ ਵਪਾਰ ਸ਼ੁਰੂ ਕਰਨ ਲਈ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਦੋਵਾਂ ਦੇਸ਼ਾਂ ਦਰਮਿਆਨ ਲੋਕਾਂ ਦੇ ਮੇਲ-ਜੋਲ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਕਰੇਗਾ।
ਮੁੱਖ ਮੰਤਰੀ ਨੇ ਕਰਤਾਰਪੁਰ ਸਾਹਿਬ ਦੇ ਦੌਰੇ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਨੇਹ ਤੇ ਪਿਆਰ ਦਿਖਾਉਣ ਲਈ ਪਾਕਿਸਤਾਨ ਦੇ ਲੋਕਾਂ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਲਾਂਘਾ ਖੋਲ੍ਹਣ ਦਾ ਇਤਿਹਾਸਿਕ ਕਦਮ ਚੁੱਕਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਕੋਲ ਇਹ ਲਾਂਘਾ ਖੋਲ੍ਹਣ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਕਿਉਂ ਜੋ ਸਿੱਖ ਸੰਗਤ ਪਵਿੱਤਰ ਗੁਰਧਾਮ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਲੰਬੇ ਸਮੇਂ ਤੋਂ ਅਰਦਾਸ ਕਰਦੀ ਆ ਰਹੀ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਵੀ ਹਾਜ਼ਰ ਸਨ।