ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ

0

-ਫ਼ਤਹਿਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਯਾਦਗਾਰ-ਮੁੱਖ ਮੰਤਰੀ

-ਫ਼ਤਹਿਗੜ੍ਹ ਸਾਹਿਬ ਤੋਂ ਚਮਕੌਰ ਸਾਹਿਬ ਤੱਕ ਮਾਤਾ ਗੁਜਰੀ ਮਾਰਗ ਬਣੇਗਾ ਕੌਮੀ ਮਾਰਗ-ਚਰਨਜੀਤ ਸਿੰਘ ਚੰਨੀ

-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਲਾਮਿਸਾਲ-ਮੁੱਖ ਮੰਤਰੀ

ਫ਼ਤਹਿਗੜ੍ਹ ਸਾਹਿਬ, 26 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ।

ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ, ਫ਼ਤਹਿਗੜ੍ਹ ਸਾਹਿਬ ਵਿਖੇ ਉਸ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਬਾ ਸੰਗਤ ਸਿੰਘ ਜੀ ਨੂੰ ਚਮਕੌਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਸਮਝ ਕੇ ਸ਼ਹੀਦ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਦੇਹ ਨੂੰ ਚਮਕੌਰ ਸਾਹਿਬ ਤੋਂ ਇੱਥੇ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ਦਾ ਜਿੰਨਾ ਵੀ ਸਤਿਕਾਰ ਅਤੇ ਨਮਨ ਕੀਤਾ ਜਾਵੇ, ਉਹ ਘੱਟ ਹੈ।

                         

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ, ਜਿੱਥੋਂ ਉਹ ਵਿਧਾਨ ਸਭਾ ‘ਚ ਨੁਮਾਇੰਗੀ ਕਰਦੇ ਹਨ, ਉੱਥੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ, ਇਸ ਲਈ ਇਨ੍ਹਾਂ ਦੋਵਾਂ ਥਾਂਵਾਂ ਦਾ ਵੱਡਾ ਰਿਸ਼ਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਪੰਜਾਬ ਸਰਕਾਰ ਨੇ ਦੋਵਾਂ ਥਾਵਾਂ ਨੂੰ ਆਪਸ ‘ਚ ਜੋੜਦੇ ਹੋਏ, ਇੱਥੋਂ ਸਰਹਿੰਦ ਵਾਲੀ ਜੀ.ਟੀ. ਰੋਡ ਤੋਂ ਅੱਗੇ ਚਮਕੌਰ ਸਾਹਿਬ ਤੱਕ ਹੁਸ਼ਿਆਰਪੁਰ ਵਾਲੀ ਮੁੱਖ ਸੜਕ ਨੂੰ ਆਪਸ ‘ਚ ਜੋੜਦੇ ਹੋਏ ਬਣਾਏ ਜਾਣ ਵਾਲੇ ਸਰਕਟ ਦਾ ਨਾਮ ਮਾਤਾ ਗੁਜਰੀ ਜੀ ਮਾਰਗ ਰੱਖਿਆ ਹੈ ਅਤੇ ਇਸ ਨੂੰ ਰਾਸ਼ਟਰੀ ਮਾਰਗ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।

             

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਲਾਮਿਸਾਲ ਅਤੇ ਅੱਜ ਉਹ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਅਤੇ ਆਪਣੀ ਸ਼ਰਧਾ ਭੇਟ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆਂ ‘ਚ ਕੋਈ ਹੋਰ ਮਿਸਾਲ ਨਹੀਂ ਮਿਲਦੀ।

ਪੱਤਰਕਾਰਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਆਪਣੀ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਰਿਹਾਈ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਦੌਰਾਨ ਪੰਗਤ ਵਿੱਚ ਬੈਠਕੇ ਲੰਗਰ ਛਕਿਆ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਲੰਗਰਾਂ ਵਿੱਚ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ।

                           

ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਨਾਗਰਾ ਦੇ ਸੁਪਤਨੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਸੰਦੀਪ ਗੋਇਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!