ਜ਼ਿਲ੍ਹੇ ’ਚ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਵਿਧਾਨ ਸਭਾ ਚੋਣਾਂ : ਅਪਨੀਤ ਰਿਆਤ
– 7 ਵਿਧਾਨ ਹਲਕਿਆਂ ’ਚ ਰਿਟਰਨਿੰਗ ਅਫ਼ਸਰਾਂ ਨੇ ਪੁਲਿਸ ਅਧਿਕਾਰੀਆ ਨਾਲ ਮਿਲ ਕੇ ਕੱਢਿਆ ਫਲੈਗ ਮਾਰਚ
-ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ’ਚ ਸੁਚਾਰੂ ਢੰਗ ਨਾਲ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ
ਹੁਸ਼ਿਆਰਪੁਰ, 15 ਜਨਵਰੀ 2022 : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਫ਼ਸਰਾਂ ਦੀ ਮੌਜੂਦਗੀ ਵਿਚ ਫਲੈਗ ਮਾਰਚ ਕੱਢੇ ਗਏ ਤਾਂ ਜੋ ਲੋਕਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਰ ਕਰ ਕੇ ਸ਼ਾਂਤਮਈ ਢੰਗ ਨਾਲ ਚੋਣ ਪ੍ਰਕ੍ਰਿਆ ਨੂੰ ਮੁਕੰਮਲ ਕੀਤਾ ਜਾ ਸਕੇ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸਾਰੇ ਸੁਰੱਖਿਆ ਪ੍ਰਬੰਧ ਪੂਰੇ ਕਰ ਲਏ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 7 ਵਿਧਾਨ ਸਭਾ ਹਲਕਿਆਂ ਹੁਸ਼ਿਆਰਪੁਰ, ਗੜ੍ਹਸ਼ੰਕਰ, ਚੱਬੇਵਾਲ, ਉੜਮੁੜ, ਸ਼ਾਮਚੁਰਾਸੀ, ਦਸੂਹਾ ਤੇ ਮੁਕੇਰੀਆਂ ਵਿਚ ਰਿਟਰਨਿੰਗ ਅਫ਼ਸਰ ਸਬੰਧਤ ਡੀ.ਐਸ.ਪੀ. ਨਾਲ ਤਾਲਮੇਲ ਬਣਾ ਕੇ ਸੁਰੱਖਿਆ ਵਿਵਸਥਾ ਯਕੀਨੀ ਬਣਾ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੈਰਾ ਮਿਲਟਰੀ ਫੋਰਸਜ਼ ਦੀ ਕਈ ਕੰਪਨੀਆਂ ਜ਼ਿਲ੍ਹੇ ਵਿਚ ਪਹੁੰਚ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਪੈਰਾ ਮਿਲਟਰੀ ਫੋਰਸ ਤੇ ਸਥਾਨਕ ਪੁਲਿਸ ਫੋਰਸ ਸਾਂਝੇ ਤੌਰ ਤੇ ਜ਼ਿੰਮੇਵਾਰੀ ਨਿਭਾਉਣਗੇ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ’ਤੇ ਪੈਨੀ ਨਜ਼ਰ ਰੱਖਣ ਵਿਚ ਵੱਡੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਪਹਿਲਾਂ ਹੀ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਲਾਇਸੰਸੀ ਹਥਿਆਰ ਵੀ ਜਮ੍ਹਾਂ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਸੀਮਾ ਅੰਦਰ ਨਾਕੇ ਲਗਾ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿ ਆਉਣ ਵਾਲੇ ਸਮੇਂ ਵਿਚ ਹੋਰ ਤੇਜ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਸੀਮਾ ’ਤੇ ਪੈਂਦੇ ਪਿੰਡਾਂ ਤੇ ਸਾਰੀਆਂ Çਲੰਕ ਸੜਕਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਵਧਾ ਦਿੱਤੀ ਗਈ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਰ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਚੋਣਾਂ ਦੌਰਾਨ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਗਏ ਹਨ ਤੇ ਪ੍ਰਸ਼ਾਸਨ ਦਾ ਮੁੱਖ ਫੋਕਸ ਅਪਰਾਧ ਨੂੰ ਰੋਕਣ ਤੇ ਨਿਵਾਸੀਆਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਦਨਦਾਰੀ ਨਾਲ ਨਿਭਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਜਾਰੀ ਹੋ ਰਹੀਆਂ ਹਦਾਇਤਾਂ ਦੀ ਪਾਲਣਾ ਹਰ ਹਾਲ ਵਿਚ ਯਕੀਨੀ ਬਣਾਈਆਂ ਜਾਣ ਤਾਂ ਜੋ ਚੋਣ ਪ੍ਰਕ੍ਰਿਆ ਸ਼ਾਂਤੀਪੂਰਵਕ ਸੰਪਨ ਕੀਤੀ ਜਾ ਸਕੇ।