10 ਫਰਵਰੀ ਤੋਂ 7 ਮਾਰਚ ਤੱਕ ਐਗਜ਼ਿਟ ਪੋਲ ’ਤੇ ਰਹੇਗੀ ਰੋਕ : ਜ਼ਿਲ੍ਹਾ ਚੋਣ ਅਫ਼ਸਰ
- ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਤਰ੍ਹਾਂ ਦੇ ਸਰਵੇਖਣ ਜਾਂ ਓਪੀਨਿਅਨ ਪੋਲ ਨੂੰ ਦਿਖਾਉਣ ’ਤੇ ਰਹੇਗੀ ਪਾਬੰਦੀ
- 20 ਫਰਵਰੀ ਨੂੰ ਪੈਣਗੀਆਂ ਵੋਟਾਂ, 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਹੁਸ਼ਿਆਰਪੁਰ, 9 ਫਰਵਰੀ 2022 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ 10 ਫਰਵਰੀ ਤੋਂ 7 ਮਾਰਚ 2022 ਤੱਕ ਐਗਜ਼ਿਟ ਪੋਲ ’ਤੇ ਪਾਬੰਦੀ ਲਗਾਈ ਗਈ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਪ੍ਰਤੀਨਿੱਧਤਾ ਐਕਟ, 1951 ਦੀ ਧਾਰਾ 126-ਏ ਦੇ ਉਪਬੰਧਾਂ ਅਨੁਸਾਰ 10 ਫਰਵਰੀ 2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 7 ਮਾਰਚ 2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਮਾਧਿਅਮ ’ਤੇ ਐਗਜ਼ਿਟ ਪੋਲ ਨੂੰ ਦਿਖਾਇਆ ਜਾ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਹਲਕਿਆਂ ਵਿਚ ਵੋਟਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰੋਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ ਹੋ ਕੇ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦੇ ਅਧਿਕਾਰ ਦਾ ਜ਼ਰੂਰ ਪ੍ਰਯੋਗ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 20 ਫਰਵਰੀ 2022 ਨੂੰ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।