ਜਲੰਧਰ ’ਚ ਵੋਟਾਂ ਦੀ ਗਿਣਤੀ ਨੂੰ ਸੁਤੰਤਰ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ
ਡਿਪਟੀ ਕਮਿਸ਼ਨਰ ਨੇ ਸਮੁੱਚੇ 9 ਗਿਣਤੀ ਕੇਂਦਰਾਂ ’ਚ ਪ੍ਰਬੰਧਾਂ ਨੂੰ ਦਿੱਤਾ ਅੰਤਿਮ ਰੂਪ, ਸਾਰੀ ਪ੍ਰਕਿਰਿਆ ਨੂੰ ਅਮਨ-ਅਮਾਨ ਨਾਲ ਮੁਕੰਮਲ ਕਰਨ ਦੀ ਵਚਨਬੱਧਤਾ ਦੁਹਰਾਈ
ਜਲੰਧਰ, 9 ਮਾਰਚ 2022 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਗਿਣਤੀ ਦੇ ਘੱਟੋ-ਘੱਟ 13 ਅਤੇ ਵੱਧ ਤੋਂ ਵੱਧ 18 ਰਾਊਂਡ ਹੋਣਗੇ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਹਰੇਕ ਵਿਧਾਨ ਸਭਾ ਹਲਕੇ ਲਈ 14 ਗਿਣਤੀ ਟੇਬਲ ਲਗਾਏ ਗਏ ਹਨ ਅਤੇ ਗਿਣਤੀ ਲਈ ਦੋ ਕਾਊਂਟਿੰਗ ਹਾਲ ਵੀ ਬਣਾਏ ਗਏ ਹਨ। ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਹਰੇਕ ਵਿਧਾਨ ਸਭਾ ਹਲਕੇ ਦੀਆਂ ਪੰਜ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀਆਂ ਵੋਟਾਂ ਦੀ ਵੱਖਰੇ ਤੌਰ ‘ਤੇ ਗਿਣਤੀ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਲਗਾਤਾਰ ਸੀ.ਸੀ.ਟੀ.ਵੀ. ਦੀ ਨਿਗਰਾਨੀ ਹੇਠ ਹਨ ਅਤੇ ਸਟੇਟ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਮਸ਼ੀਨਾਂ ਨੂੰ ਤਿੰਨ-ਪੱਧਰੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਗਿਣਤੀ ਹਾਲਾਂ ਦੇ ਬਾਹਰ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਰੈਪਿਡ ਐਕਸ਼ਨ ਫੋਰਸ, ਕੁਇੱਕ ਰਿਸਪਾਂਸ ਟੀਮ ਅਤੇ ਹੋਰ ਦੰਗਾ ਕੰਟਰੋਲ ਵਾਹਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸਾਰੇ ਗਿਣਤੀ ਹਾਲਾਂ ਵਿੱਚ ਇੱਕੋ ਸਮੇਂ ਹੋਵੇਗੀ। ਉਨ੍ਹਾਂ ਦੱਸਿਆ ਕਿ ਫਿਲੌਰ ਅਤੇ ਜਲੰਧਰ ਉੱਤਰੀ ਵਿਧਾਨ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਕ੍ਰਮਵਾਰ ਮੈਰੀਟੋਰੀਅਸ ਸਕੂਲ ਦੇ ਲੜਕੀਆਂ ਅਤੇ ਲੜਕਿਆਂ ਦੇ ਹੋਸਟਲਾਂ ਦੇ ਹਾਲਾਂ ਵਿੱਚ ਹੋਵੇਗੀ ਜਦਕਿ ਸ਼ਾਹਕੋਟ, ਨਕੋਦਰ ਅਤੇ ਜਲੰਧਰ ਕੇਂਦਰੀ ਹਲਕਿਆਂ ਲਈ ਗਿਣਤੀ ਦੇ ਕਾਰਜ ਨੂੰ ਕ੍ਰਮਵਾਰ ਡਾਇਰੈਕਟਰ ਲੈਂਡ ਰਿਕਾਰਡ, ਸਟੇਟ ਪਟਵਾਰ ਸਕੂਲ ਦੇ ਦਫ਼ਤਰ ਅਤੇ ਡਾਇਰੈਕਟਰ ਲੈਂਡ ਰਿਕਾਰਡ ਦੀ ਬਿਲਡਿੰਗ ਵਿਖੇ ਤੀਜੀ ਅਤੇ ਪੰਜਵੀਂ ਮੰਜ਼ਿਲ ‘ਤੇ ਹਾਲ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ।
ਇਸੇ ਤਰ੍ਹਾਂ ਕਰਤਾਰਪੁਰ ਅਤੇ ਆਦਮਪੁਰ ਹਲਕਿਆਂ ਦੀ ਗਿਣਤੀ ਕ੍ਰਮਵਾਰ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਦੇ ਇੰਡੋਰ ਸਟੇਡੀਅਮ ਦੇ ਸੱਜੇ ਅਤੇ ਖੱਬੇ ਪਾਸੇ ਦੇ ਹਾਲਾਂ ਵਿੱਚ ਹੋਵੇਗੀ ਅਤੇ ਜਲੰਧਰ ਪੱਛਮੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਦੇ ਜਿਮਨੇਜ਼ੀਅਮ ਹਾਲ ਵਿਚ ਪੁਰਾਣੀ ਇਮਾਰਤ ਵਿਚ ਹੋਵੇਗੀ। ਇਸ ਤੋਂ ਇਲਾਵਾ ਜਲੰਧਰ ਛਾਉਣੀ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਦੇ ਪੈਵੇਲੀਅਨ ਹਾਲ ਵਿਚ ਹੋਵੇਗੀ।