ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ : ਚੇਅਰਮੈਨ ਚੀਮਾ
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸਟੇਟ ਟਾਸਕ ਫੋਰਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਭੂਮਿਕਾ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਲਈ ਕੀਟਨਾਸ਼ਕਾਂ ਅਤੇ ਲਾਰਵੀਸਾਈਡਾਂ ਦੇ ਛੜਕਾਅ ਨੂੰ ਯਕੀਨੀ ਬਣਾਉਣਾ ਹੈ। ਇਸੇ ਤਰਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੇਂਡੂ ਖੇਤਰਾਂ ਦੇ ਛੱਪੜਾਂ ਵਿੱਚ ਲਾਰਵੀਸਾਈਡਾਂ ਦਾ ਛੜਕਾਅ ਕਰਕੇ ਅਤੇ ਲਾਰਵਾਨਾਸੀ ਮੱਛੀਆਂ ਛੱਡ ਕੇ ਮੱਛਰ ਪੈਦਾ ਹੋਣ ਦੀ ਰੋਕਥਾਮ ਵਿੱਚ ਸਹਾਇਤਾ ਕਰ ਸਕਦਾ ਹੈ। ਪਿੰਡ ਦੀਆਂ ਸਿਹਤ ਅਤੇ ਸੈਨੀਟੇਸ਼ਨ ਕਮੇਟੀਆਂ ਰਾਹੀਂ ਜਾਗਰੂਕਤਾ ਪੈਦਾ ਕਰਨਾ ਵੈਕਟਰ ਬੋਰਨ ਡਿਸਿਜੀਜ਼ ਦੀ ਰੋਕਥਾਮ ਵਿੱਚ ਸਹਾਈ ਹੋ ਸਕਦਾ ਹੈ।
ਜਾਗਰੂਕਤਾ ਫੈਲਾਉਣ ਲਈ ਸਿੱਖਿਆ ਵਿਭਾਗ ਦੀ ਮਹੱਤਵਪੂਰਣ ਭੂਮਿਕਾ ਬਾਰੇ ਚੇਅਰਮੈਨ ਚੀਮਾ ਨੇ ਕਿਹਾ ਕਿ ਚਿਕਨਪੌਕਸ, ਖਸਰਾ, ਕਨੇਡੂ ਆਦਿ ਵਰਗੀਆਂ ਛੂਤ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਬੁਖ਼ਾਰ, ਧੱਫੜ ਜਾਂ ਅਜਿਹੇ ਕਿਸੇ ਹੋਰ ਲੱਛਣਾਂ ਵਾਲੀ ਬਿਮਾਰੀ ਤੋਂ ਪ੍ਰਭਾਵਿਤ ਬੱਚਿਆਂ ਬਾਰੇ ਛੇਤੀ ਸੂਚਿਤ ਕਰਕੇ ਅਤੇ ਵੈਕਟਰ ਬੋਰਨ ਡਿਸਿਜਿਜ਼ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ, ਸਕੂਲੀ ਬੱਚੇ ਆਪਣਾ ਯੋਗਦਾਨ ਦੇ ਸਕਦੇ ਹਨ। ਉਹਨਾਂ ਕਿਹਾ ਕਿ ਇਹ ਦਿਸ਼ਾ-ਨਿਰਦੇਸ਼ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ।
ਸ. ਚੀਮਾ ਨੇ ਮਲੇਰੀਆ ਦੇ ਖਾਤਮੇ ਦੀ ਮੁਹਿੰਮ ਸਬੰਧੀ ਅੰਕੜਿਆਂ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਪਿਛਲੇ 5 ਸਾਲਾਂ ਤੋਂ ਪੰਜਾਬ ਵਿੱਚ ਮਲੇਰੀਆ ਕਾਰਨ ਕਿਸੇ ਦੀ ਮੌਤ ਨਹੀਂ ਹੋਈ ਹੈ। ਉਨਾਂ ਕਿਹਾ ਕਿ ਮਲੇਰੀਆ ਦੇ ਮਾਮਲਿਆਂ ਵਿੱਚ ਭਾਰੀ ਕਮੀ ਆਈ ਹੈ ਅਤੇ ਸਾਲ 2020 ਵਿੱਚ ਸਿਰਫ 109 ਮਾਮਲੇ ਸਾਹਮਣੇ ਆਏ ਹਨ। ਉਹਨਾਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਅਜਿਹਾ ਪਹਿਲਾ ਰਾਜ ਹੈ ਜਿਸ ਨੇ ਮਲੇਰੀਆ ਦੇ ਇਲਾਜ ਕਾਰਡ ਦੀ ਸ਼ੁਰੂਆਤ ਕੀਤੀ ਤਾਂ ਜੋ ਮੁਕੰਮਲ ਇਲਾਜ ਦੀ ਨਿਗਰਾਨੀ ਕੀਤੀ ਜਾ ਸਕੇ।
