ਜੁਰਮ ਹੋਣ ’ਤੇ ਸਬੰਧਿਤ ਇਲਾਕੇ ਦੇ ਐਸ.ਐਚ.ਓ ਨੂੰ ਠਹਿਰਾਇਆ ਜਾਵੇਗਾ ਜਿੰਮੇਵਾਰ  :   ਪੁਲਿਸ ਕਮਿਸ਼ਨਰ

0

ਸਭ ਤੋਂ ਵਿਅਸਤ ਪੀਪੀਆਰ ਮਾਲ, ਮਾਡਲ ਟਾਊਨ ਅਤੇ ਹੋਰ ਇਲਾਕਿਆਂ ਦਾ ਕੀਤਾ ਨਿਰੀਖਣ, ਅਪਰਾਧੀਆਂ ਨੂੰ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ

ਜਲੰਧਰ 20 ਅਪ੍ਰੈਲ  2022  :    ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਤੂਰ ਨੇ ਸਪਸ਼ਟ ਸਬਦਾਂ ਵਿੱਚ ਕਿਹਾ ਕਿ ਐਸ.ਐਚ.ਓਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੋਈ ਵੀ ਵੱਡਾ ਜੁਰਮ ਹੋਣ ’ਤੇ ਜਿੰਮੇਵਾਰ ਠਹਿਰਾਇਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਅਚਾਨਕ ਸਥਾਨਕ ਪੀ.ਪੀ.ਆਰ.ਮਾਲ,ਮਾਡਲ ਟਾਊਨ ਅਤੇ ਹੋਰ ਇਲਾਕਿਆਂ ਦਾ ਦੌਰਾ ਕਰਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਐਚ.ਓਜ਼ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਹਨ ਅਤੇ ਇਸ ਵਿੱਚ ਕਿਸੇ ਵੀ ਢਿੱਲ-ਮੱਠ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਤਲਬ ਲੋਕਾਂ ਦੀਆਂ ਸੇਵਾ ਕਰਨਾ ਹੈ ਅਤੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਲਗਨ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਅਸਰਦਾਰ ਢੰਗ ਨਾਲ ਨਾਕਾਬੰਦੀ ਅਤੇ ਗਸ਼ਤ ਕਰਨ ਲਈ ਕਮਿਸ਼ਨਰੇਟ ਦੇ ਦਫਤਰਾਂ ਅਤੇ ਪੁਲਿਸ ਲਾਈਨ ਤੋਂ ਵਾਧੂ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਦੇ ਗਜ਼ਟਿਡ ਅਫ਼ਸਰਾਂ ਨੂੰ ਸ਼ਹਿਰ ਵਿੱਚ ਰਾਤ 10 ਵਜੇ ਤੱਕ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ ਸਮਾਜਿਕ ਤੱਤਾਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਦੇਰ ਸ਼ਾਮ ਅਤੇ ਰਾਤ ਦੀਆਂ ਡਿਊਟੀਆਂ ਨੂੰ ਹੋਰ ਮਜਬੂਤ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ, ਪੁਲਿਸ (ਕਰਾਇਮ) ਨੂੰ ਪਿਛਲੇ ਹਫ਼ਤੇ ਹੋਏ ਅਪਰਾਥਾਂ ਦੀ ਗੁੱਥੀ ਜਲਦ ਤੋਂ ਜਲਦ ਸੁਲਝਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ਼ਹਿਰ ਵਾਸੀਆਂ ਤੋਂ ਸਰਗਰਮ ਸਹਿਯੋਗ ਦੀ ਮੰਗ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਉਪਲਬੱਧ ਹੈ ਪਰ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨ੍ਹਾਂ ਅਪਰਾਧ ਮੁਕਤ ਸਮਾਜ ਦੀ ਸਥਾਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਜ ਲਈ ਪੁਲਿਸ ਦੀ ਸਹਾਇਤਾ ਨਹੀ ਅੱਗੇ ਆਉਣ। ਸ੍ਰੀ ਤੂਰ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਲੋਕਾਂ ਦੇ ਵੱਡਮੁੱਲੇ ਸਹਿਯੋਗ ਸਦਕਾ ਜਲਦ ਹੀ ਸ਼ਹਿਰ ਨੂੰ ਅਪਰਾਧ ਮੁਕਤ ਬਣਾਇਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਪੀ.ਪੀ.ਆਰ.ਮਾਲ ਵਿਖੇ ਡਿਊਟੀ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਕਿਹਾ ਕਿ ਅਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ। ਸ੍ਰੀ ਤੂਰ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਜਾਂਚ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।

About The Author

Leave a Reply

Your email address will not be published. Required fields are marked *

error: Content is protected !!